06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਨਿਊ ਅੰਮ੍ਰਿਤਸਰ (ਭਾਈ ਗੁਰਦਾਸ ਜੀ ਨਗਰ) ਵਿਖੇ ਚੋਰਾਂ ਨੇ ਕੋਠੀ ਦੇ ਦਰਵਾਜ਼ੇ-ਬਾਰੀਆਂ ਤੋੜ ਕੇ ਕੀਤਾ ਹੱਥ ਸਾਫ਼

Ad Position 21
No active advertisement
ਅਜੀਤ ਡੈਸਕ 27-06-2026
ਸੁਲਤਾਨਵਿੰਡ, 26 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਹਲਕਾ ਪੂਰਬੀ ਅਧੀਨ ਆਉਂਦੇ ਇਲਾਕੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਵਿਖੇ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਆਮ ਲੋਕਾਂ ਦੀਆਂ ਕੋਠੀਆਂ ਵੀ ਸੁਰੱਖਿਅਤ ਨਹੀਂ ਰਹੀਆਂ। ਬੀਤੀ ਦੇਰ ਰਾਤ ਅਣਪਛਾਤੇ ਚੋਰਾਂ ਨੇ ਇੱਕ ਕੋਠੀ ਦੀਆਂ ਗ੍ਰਿਲਾਂ ਤੇ ਦਰਵਾਜ਼ੇ ਤੋੜ ਕੇ ਲੱਖਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ ਤੇ ਆਸਾਨੀ ਨਾਲ ਫਰਾਰ ਹੋ ਗਏ। ਕੋਠੀ ਦੇ ਮਾਲਕ ਸੁਰਜੀਤ ਸਿੰਘ ਰਾਹੀ ਨੇ ਦੱਸਿਆ ਕਿ ਉਹ ਆਪਣੀ ਨਵੀਂ ਬਣ ਰਹੀ ਕੋਠੀ ਵਿਚ ਬਿਜਲੀ ਦਾ ਮਹਿੰਗਾ ਸਾਮਾਨ ਲਗਵਾ ਰਹੇ ਸਨ। ਚੋਰਾਂ ਨੇ ਮੌਕੇ ਦਾ ਫਾਇਦਾ ਉਠਾਉਂਦਿਆਂ ਕੋਠੀ ਵਿਚ ਪਈਆਂ ਤਾਂਬੇ ਦੀਆਂ ਤਾਰਾਂ, ਬਿਜਲੀ ਦੇ ਕੀਮਤੀ ਬੋਰਡ ਅਤੇ ਹੋਰ ਸਾਮਾਨ ’ਤੇ ਹੱਥ ਸਾਫ਼ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਕਬੂਲਪੁਰਾ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਤੋਂ ਸਥਾਨਕ ਲੋਕਾਂ ਵਿਚ ਭਾਰੀ ਦਹਿਸ਼ਤ ਅਤੇ ਰੋਹ ਪਾਇਆ ਜਾ ਰਿਹਾ ਹੈ। ਨਿਊ ਅੰਮ੍ਰਿਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ, ਹਰਜਿੰਦਰ ਸਿੰਘ ਬੱਗਾ, ਅਮਰਦੀਪ ਸਿੰਘ ਅਤੇ ਝਿਰਮਲ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜਦੋਂ ਤੋਂ ਨਿਊ ਅੰਮ੍ਰਿਤਸਰ ਤੋਂ ਪੁਲਿਸ ਚੌਕੀ ਚੁੱਕੀ ਗਈ ਹੈ, ਉਦੋਂ ਤੋਂ ਹੀ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਭਾਰੀ ਵਾਧਾ ਹੋਇਆ ਹੈ। ਕੋਈ ਦਿਨ ਅਜਿਹਾ ਨਹੀਂ ਜਾਂਦਾ ਜਦੋਂ ਕੋਈ ਅਪਰਾਧਿਕ ਵਾਰਦਾਤ ਸਾਹਮਣੇ ਨਾ ਆਉਂਦੀ ਹੋਵੇ। ਪੀੜਤ ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੋਂ ਮੰਗ ਕੀਤੀ ਹੈ ਕਿ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿੱਚ ਪੁਲਿਸ ਚੌਕੀ ਨੂੰ ਤੁਰੰਤ ਮੁੜ ਬਹਾਲ ਕੀਤਾ ਜਾਵੇ। ਇਲਾਕੇ ਵਿੱਚ ਪੁਲਿਸ ਗਸ਼ਤ ਨੂੰ ਤੇਜ਼ ਕੀਤਾ ਜਾਵੇ। ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਇਸ ਮੌਕੇ ਪਹੁੰਚੇ ਏ.ਐੱਸ.ਆਈ. ਗੁਰਮੀਤ ਸਿੰਘ ਅਤੇ ਹਰਵਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮ ਜਲਦ ਹੀ ਪੁਲਿਸ ਦੀ ਗ੍ਰਿਫ਼ਤ ਵਿਚ ਹੋਣਗੇ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਕੋਈ ਠੋਸ ਕਦਮ ਚੁੱਕਦਾ ਹੈ ਜਾਂ ਇਲਾਕਾ ਵਾਸੀਆਂ ਨੂੰ ਡਰ ਦੇ ਸਾਏ ਹੇਠ ਹੀ ਜਿਊਣਾ ਪਵੇਗਾ।
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਝੰਡਾ ਮਾਰਚ ਅਗਲੀ ਖ਼ਬਰ ਐਕਸ ਸੈਂਟਰਲ ਆਰਮਡ ਪੁਲਿਸ ਫੋਰਸ ਪਰਸਨੈਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੀਟਿੰਗ
Ad Position 24
No active advertisement