07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

‘ਉੱਡਦਾ’ ਨਹੀਂ ‘ਪੜ੍ਹਦਾ’ ਪੰਜਾਬ ਵਜੋਂ ਜਾਣਿਆ ਜਾਵੇਗਾ ਪੰਜਾਬ : ਹਰਜੋਤ ਸਿੰਘ ਬੈਂਸ

Ad Position 21
No active advertisement
ਅਜੀਤ ਡੈਸਕ 28-06-2026


ਅੰਮ੍ਰਿਤਸਰ, 27 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-‘ਬ੍ਰਾਈਟ ਮਾਈਂਡਜ਼ ਪੰਜਾਬ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਕ ਸ਼ਾਨਦਾਰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਜ਼ਿਲ੍ਹਾ ਅੰਮ੍ਰਿਤਸਰ ਨਾਲ ਸੰਬੰਧਿਤ 332 ਕਰੀਬ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਸ਼ਰਮਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਮੌਕੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸਕੂਲ ਸਿੱਖਿਆ ‘ਚ ਕੇਰਲ ਨੂੰ ਪਛਾੜ ਕੇ ਪੰਜਾਬ ਹੁਣ ਭਾਰਤ ਦੇ ਸਿੱਖਿਆ ਸੂਚਕ ਅੰਕ ‘ਚ ਸਿਖਰਲੇ ਸਥਾਨ ‘ਤੇ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਨੀਤੀ ਆਯੋਗ ਦੀ 2026 ਦੀ ਰਿਪੋਰਟ ਅਤੇ ਕੇਂਦਰ ਦੀ ਪੀ. ਜੀ. ਆਈ 2.0 ਦਰਜਾਬੰਦੀ ਨਾਲ ਸੂਬੇ ਦੇ ਸਕੂਲਾਂ ਨੂੰ ਦੇਸ਼ ਭਰ ‘ਚ ਪਹਿਲਾ ਸਥਾਨ ਪ੍ਰਾਪਤ ਹੋਇਆ ਹੈ। ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਐਕਟ ‘ਚ ਸੋਧ ਕਰਨ ਲਈ ਇਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਤਹਿਤ ਫੀਸਾਂ ਅਤੇ ਫੰਡਾਂ ‘ਚ ਸਾਲਾਨਾ ਵਾਧਾ ਵੱਧ ਤੋਂ ਵੱਧ 5 ਫੀਸਦੀ ਤੱਕ ਸੀਮਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਫ਼ੀਸਾਂ ‘ਚ ‘ਗ਼ੈਰ-ਵਾਜਬ’ ਵਾਧਾ ਕਰਨ ਵਾਲੇ ਸਕੂਲਾਂ ਵਿਰੁੱਧ ਕਾਰਵਾਈ ਕਰਨ ਦਾ ਵੀ ਫ਼ੈਸਲਾ ਕੀਤਾ ਹੈ ਅਤੇ ਇਕੱਠੀ ਕੀਤੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦੇ ਸੁਧਾਰ ਲਈ ਵੀ ਸੁਹਿਰਦਤਾ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਉਨ੍ਹਾਂ ਨੇ ਸਰਹੱਦੀ ਜ਼ਿਲ੍ਹਾ ਅੰਮ੍ਰਿਤਸਰ ਦੇ ਬਹੁਤ ਸਾਰੇ ਸਕੂਲਾਂ ਦਾ ਨਿੱਜੀ ਤੌਰ ‘ਤੇ ਵੀ ਦੌਰਾ ਕੀਤਾ ਹੈ ਅਤੇ ਇਹ ਜ਼ਿਲ੍ਹਾ ਸਿੱਖਿਆ ਦੇ ਖੇਤਰ ਵਿੱਚ ਇਸ ਵੇਲੇ ਸਰਬੋਤਮ ਕਾਰਗੁਜ਼ਾਰੀ ਦਿਖਾ ਰਿਹਾ ਹੈ।ਇਸ ਦੌਰਾਨ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਸਮਾਗਮ ਦੌਰਾਨ ਵਿਦਿਆਰਥੀਆਂ ਨਾਲ ਖੁੱਲ੍ਹੀ ਰਚਨਾਤਮਕ ਗੱਲਬਾਤ ਕੀਤੀ ਅਤੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਸੇ ਦੇਸ਼ ਦੀ ਤਰੱਕੀ ਅੰਦਰੂਨੀ ਤੌਰ ‘ਤੇ ਇਸਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਨਾਲ ਜੁੜੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਠੀਕ ਕਰ ਦਿੱਤੀ ਜਾਵੇ, ਤਾਂ ਦੇਸ਼ ਆਪਣੇ ਆਪ ਠੀਕ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਰੱਟੇ ਦੀ ਜਗ੍ਹਾ ਸਮਝਣ ਵਾਲੀ ਹੋਣੀ ਚਾਹੀਦੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਜਰੀਏ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਇਸ ਮੌਕੇ ਉਨ੍ਹਾਂ ਬੱਚਿਆਂ ਤੋਂ ਵੀ ਸੁਝਾਅ ਲਏ ਕਿ ਸਿੱਖਿਆ ਨੀਤੀ ਅਤੇ ਪ੍ਰੀਖਿਆ ਪ੍ਰਣਾਲੀ ‘ਚ ਕੀ ਬਦਲਾਅ ਕਰਨੇ ਚਾਹੀਦੇ ਹੈ। ਇਸ ਦੌਰਾਨ 95 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 332 ਵਿਦਿਆਰੀਆਂ ਦਾ ਵਿਸ਼ੇਸ਼ ਤੌਰ ‘ਤੇ ਸਨਾਮਨ ਕੀਤਾ ਗਿਆ। ਇਸ ਮੌਕੇ ਸਕੂਲ ਆਫ਼ ਐਮੀਂਨੈਂਸ, ਮਾਲ ਰੋਡ, ਅੰਮ੍ਰਿਤਸਰ ਦੀ ਵਿਦਿਆਰਥਣ ਟੀਆ, ਜਿਸ ਦੀ ਇਸਰੋ ‘ਚ ਚੋਣ ਹੋਈ ਹੈ ਨੂੰ ਵੀ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਇਸਰੋ ਵਲੋਂ 108 ਦੇਸ਼ਾਂ ‘ਚੋਂ ਹੋਣਹਾਰ ਵਿਦਿਆਰਥੀਆਂ ਦੀ ਚੋਣ ਲਈ ਟੈਸਟ ਲਿਆ ਗਿਆ ਸੀ ਜਿਸ ‘ਚ ਭਾਰਤ ਵਲੋਂ ਟੀਆ ਦੀ ਚੋਣ ਹੋਈ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੰਵਲਜੀਤ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਖੰਨਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇਮੀਗ੍ਰੇਸ਼ਨ ਵਲੋਂ ਯੂ .ਕੇ. ਸਟਡੀ ਵੀਜ਼ਾ ਸਤੰਬਰ ਇੰਟੇਕ ਦਾਖਲੇ ਲਈ ਤਿਆਰੀਆਂ ਤੇਜ਼ ਹਨ : ਮਨਪ੍ਰੀਤ ਸਿੰਘ ਸਿੱਧੂ ਅਗਲੀ ਖ਼ਬਰ ਸਹੂੰਗੜਾ ਦੀ ਪੰਚਾਇਤ ਵਲੋਂ ਆਮ ਇਜਲਾਸ ਕਰਵਾਇਆ
Ad Position 24
No active advertisement