ਅੰਮ੍ਰਿਤਸਰ, 28 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਮੋਰਚਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਹਾਲ ਵਿਖੇ ‘ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਕਰਵਾਇਆ ਗਿਆ। ਇਸ ਸਮਾਗਮ ਵਿਚ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਵਿੰਗ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਸੋਨੀਆ ਮਾਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੱਲਵੀ ਮਿਸ਼ਰਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ, ਐੱਸ. ਡੀ. ਐੱਮ. ਅੰਮ੍ਰਿਤਸਰ-1 ਅਲਕਾ ਕਾਲੀਆ, ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਦੇ ਇੰਚਾਰਜ ਦੀਕਸ਼ਤ ਧਵਨ, ਏ. ਡੀ. ਸੀ. ਪੀ. ਜੇ. ਐੱਸ. ਸੰਧੂ, ਐੱਸ.ਪੀ. ਗੁਰਜੀਤ ਪਾਲ ਸਿੰਘ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰੀ ਸਮਰਪਣ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀ ਬਾਰੇ ਪ੍ਰਾਪਤ ਜਾਣਕਾਰੀ ਨੂੰ ਤੁਰੰਤ ਪੁਲਿਸ ਵਿਭਾਗ ਨਾਲ ਸਾਂਝਾ ਕੀਤਾ ਜਾਵੇ ਤਾਂ ਜੋ ਨਸ਼ਾ ਤਸਕਰਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦਾ ਸਹਿਯੋਗ ਤੇ ਸਮਾਜਿਕ ਭਾਗੀਦਾਰੀ ਬਹੁਤ ਜ਼ਰੂਰੀ ਹੈ ਤੇ ਹਰ ਨਾਗਰਿਕ ਨੂੰ ਇਸ ਲੋਕ ਹਿੱਤ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜੋਨ ਇੰਚਾਰਜ ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਮੂਹ ਵਲੰਟੀਅਰ ਪਿੰਡ-ਪਿੰਡ ਤੇ ਸ਼ਹਿਰਾਂ ਦੇ ਹਰ ਵਾਰਡ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰ ਰਹੇ ਹਨ।
ਨਸ਼ਾ ਮੁਕਤੀ ਮੋਰਚਾ ਵਲੋਂ ‘ਪਿੰਡਾਂ ਦਾ ਹਾਲ ਮੁੱਖ ਮੰਤਰੀ ਦੇ ਨਾਲ’ ਪ੍ਰੋਗਰਾਮ ਕਰਵਾਇਆ
ਅਜੀਤ ਡੈਸਕ
29-06-2026