ਅੰਮ੍ਰਿਤਸਰ, 30 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵੀ ਉੱਚੇਚੇ ਤੌਰ ‘ਤੇ ਸਮਾਗਮ ਵਿਚ ਸ਼ਾਮਿਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਵਲੋਂ ਗੁਰੂ ਜੱਸ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਦੌਰਾਨ ਸ: ਛੀਨਾ ਨੇ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਜੀਵਨ ਅੱਜ ਵੀ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਮੁਹੱਈਆ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵੈਮਾਨ ਵਾਲੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਣੇ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਗੁਰਤਾਗੱਦੀ ‘ਤੇ ਬੈਠਣ ਸਮੇਂ ‘ਮੀਰੀ-ਪੀਰੀ’ ਦੀਆਂ ਦੋ ਤਲਵਾਰਾਂ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ। ਖ਼ਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਰਿਲੀਜਿਅਸ ਸਟੱਡੀ ਡੀਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ, ਉਨ੍ਹਾਂ ਵਲੋਂ ਮੀਰੀ-ਪੀਰੀ ਦੇ ਸਿਧਾਂਤ ਦੀ ਸਥਾਪਨਾ, ਧਰਮ ਦੀ ਰੱਖਿਆ ਲਈ ਕੀਤੇ ਮਹਾਨ ਯੋਗਦਾਨ ਸੰਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਆਤਮਿਕਤਾ ਦੇ ਨਾਲ-ਨਾਲ ਅਨਿਆਂ ਦੇ ਵਿਰੁੱਧ ਡੱਟ ਕੇ ਖੜ੍ਹਨ ਅਤੇ ਸੱਚ ਦੀ ਰੱਖਿਆ ਲਈ ਹਮੇਸ਼ਾਂ ਤਿਆਰ ਰਹਿਣ ਦੀ ਪ੍ਰੇਰਣਾ ਦਿੱਤੀ। ਸ: ਛੀਨਾ ਨੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਭਾਈ ਮਹਾਂਬੀਰ ਸਿੰਘ ਦੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ઠઠਇਸ ਮੌਕੇ ‘ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਪ੍ਰੀਖਿਆਵਾਂ ਕੰਟਰੋਲਰ ਡੀਨ ਡਾ. ਕੰਵਲਜੀਤ ਸਿੰਘ, ਰਿਸਰਚ ਡੀਨ ਡਾ. ਆਰ. ਕੇ. ਧਵਨ, ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਰਮਿੰਦਰ ਕੌਰ, ਟੀ. ਪੀ. ਸੰਧੂ, ਪ੍ਰਿੰਸੀਪਲ ਡਾ. ਮਨਦੀਪ ਕੌਰ, ਡਾਇਰੈਕਟਰ ਡਾ. ਮੰਜ਼ੂ ਬਾਲਾ, ਪ੍ਰਿੰਸੀਪਲ ਗੁਰਦੇਵ ਸਿੰਘ, ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ, ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ਼ਰਨਜੀਤ ਸਿੰਘ, ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਗੁਰਿੰਦਰਜੀਤ ਕੌਰ ਕੰਬੋਜ, ਪ੍ਰਿੰਸੀਪਲ ਪਰਮਜੀਤ ਸਿੰਘ, ਅੰਡਰ ਸੈਕਟਰੀ ਡੀ. ਐੱਸ. ਰਟੌਲ ਤੋਂ ਇਲਾਵਾ ਇਸ ਮੌਕੇ ਵੱਖ-ਵੱਖ ਖ਼ਾਲਸਾ ਸੰਸਥਾਵਾਂ ਦੇ ਅਧਿਆਪਕ, ਗ਼ੈਰ ਅਧਿਆਪਨ ਸਟਾਫ਼ ਮੈਂਬਰ ਤੇ ਕਾਲਜਾਂ, ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।
ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅਜੀਤ ਡੈਸਕ
01-07-2026