ਅੰਮ੍ਰਿਤਸਰ, 4 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ 15 ਅਗਸਤ ਤੋਂ ਸਰਪੰਚਾਂ ਨੂੰ 10,000 ਰੁਪਏ ਮਹੀਨਾਵਾਰ ਮਾਣਭੱਤਾ ਦੇਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜੋ ਕਿ ਪੂਰੇ ਦੇਸ਼ ’ਚ ਆਪਣੇ ਆਪ ਵਿਚ ਇਕ ਨਿਵੇਕਲੀ ਯੋਜਨਾ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਸੰਧੂ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਨੇ ਸਰਪੰਚਾਂ ਨੂੰ 1,200 ਰੁਪਏ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਉਹ ਫ਼ੈਸਲਾ ਕਦੇ ਅਮਲੀ ਰੂਪ ਵਿਚ ਸਾਹਮਣੇ ਨਹੀਂ ਆਇਆ ਅਤੇ ਸਰਪੰਚਾਂ ਨੂੰ ਆਪਣੇ ਹੱਕ ਲੈਣ ਲਈ ਦਰ-ਦਰ ਭਟਕਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮਾਨ ਹਾਲਾਂਕਿ ਮਾਨ ਸਰਕਾਰ ਨੇ ਸਰਪੰਚਾਂ ਨੂੰ 2,000 ਰੁਪਏ ਮਾਣਭੱਤਾ ਦੇਣਾ ਸੁਰੂ ਕੀਤਾ ਸੀ, ਜਿਸ ਨੂੰ ਹੁਣ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਪੰਚਾਇਤਾਂ ਕੋਲ ਅਥਾਹ ਸਕਤੀਆਂ ਹੁੰਦੀਆਂ ਹਨ ਅਤੇ ਇਨ੍ਹਾਂ ਦੇ ਫ਼ੈਸਲਿਆਂ ਨੂੰ ਪੂਰੇ ਪਿੰਡ ਵਲੋਂ ਸਤਿਕਾਰ ਨਾਲ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ ਦੀ ਲਗਪਗ 70 ਫ਼ਸਦੀ ਆਬਾਦੀ ਪਿੰਡਾਂ ਵਿਚ ਰਹਿੰਦੀ ਹੈ, ਜਿਸ ਕਾਰਨ ਪੰਚਾਇਤੀ ਰਾਜ ਸੰਸਥਾਵਾਂ ਨੂੰ ਲੋਕਤੰਤਰ ਦਾ ਧੁਰਾ ਮੰਨਿਆ ਜਾਂਦਾ ਹੈ। ਚੇਅਰਮੈਨ ਸੰਧੂ ਨੇ ਮਾਨ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਚਾਇਤੀ ਰਾਜ ਸੰਸਥਾ ਦੀ ਮਜ਼ਬੂਤੀ ਲਈ ਮਾਨ ਸਰਕਾਰ ਦਾ ਇਹ ਫ਼ੈਸਲਾ ਇਤਿਹਾਸਕ ਹੋ ਨਿਬੜੇਗਾ।