ਅੰਮ੍ਰਿਤਸਰ, 12 ਜੁਲਾਈ (ਹਰਮਿੰਦਰ ਸਿੰਘ)- ਸਾਬਕਾ ਸਾਂਸਦ ਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਅਤੇ ਮਜ਼ਦੂਰ ਏਕਤਾ ਯੂਨੀਅਨ (ਪੰਜਾਬ) ਦੇ ਪ੍ਰਤੀਨਿਧੀ ਮੰਡਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਮਨਰੇਗਾ ਮਜ਼ਦੂਰਾਂ ਅਤੇ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੰਬੰਧੀ ਰਾਜਪਾਲ ਨੂੰ ਮੰਗ-ਪੱਤਰ ਸੌਂਪਿਆ। ਇਸ ਮੌਕੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਬੱਤਰਾ, ਕੌਂਸਲਰ ਵਿਕਾਸ ਗਿੱਲ, ਕੌਂਸਲਰ ਸ਼ਰੂਤੀ ਵਿੱਜ, ਮਨਰੇਗਾ ਯੂਨੀਅਨ ਦੇ ਹਰਵਿੰਦਰ ਸਿੰਘ, ਗੁਰਬਿੰਦਰ ਸਿੰਘ, ਅਜੀਤ ਸਿੰਘ, ਬਲਕਰਨਜੀਤ ਸਿੰਘ ਆਦਿ ਹਾਜ਼ਰ ਸਨ । ਸ੍ਰੀ ਮਲਿਕ ਅਤੇ ਸੰਧੂ ਨੇ ਦੱਸਿਆ ਕਿ ਪੰਜਾਬ ਭਰ ਦੇ ਮਨਰੇਗਾ ਮਜ਼ਦੂਰਾਂ ਅਤੇ ਫ਼ੀਲਡ ਸਟਾਫ਼ ਨੂੰ ਕਾਫ਼ੀ ਸਮੇਂ ਤੋਂ ਉਨ੍ਹਾਂ ਦੀ ਮਿਹਨਤ ਦੀ ਮਜ਼ਦੂਰੀ ਅਤੇ ਹੋਰ ਬਕਾਇਆ ਰਾਸ਼ੀ ਪ੍ਰਾਪਤ ਨਹੀਂ ਹੋਈ, ਜਿਸ ਕਾਰਨ ਉਹ ਗੰਭੀਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਯੋਜਨਾ, ਜਿਸ ਦਾ ਨਾਮ ਬਦਲ ਕੇ ਵੀਬੀਜੀ ਰਾਮ ਜੀ ਯੋਜਨਾ ਕਰ ਦਿੱਤਾ ਗਿਆ ਹੈ ਅਤੇ ਜਿਸ ਵਿਚ ਹੁਣ 125 ਦਿਨ ਦਾ ਰੁਜ਼ਗਾਰ ਦਿੱਤਾ ਜਾਵੇਗਾ। ਮੰਗ-ਪੱਤਰ ਵਿਚ ਮਨਰੇਗਾ ਕਰਮਚਾਰੀਆਂ ਅਤੇ ਮਜ਼ਦੂਰਾਂ ਨਾਲ ਸੰਬੰਧਿਤ ਲੰਬੇ ਸਮੇਂ ਤੋਂ ਲੰਬਿਤ ਮਸਲਿਆਂ, ਸਮੇਂ ਸਿਰ ਮਜ਼ਦੂਰੀ ਦੇ ਭੁਗਤਾਨ, ਬਕਾਇਆ ਰਕਮ ਦੀ ਅਦਾਇਗੀ, ਰੁਜ਼ਗਾਰ ਨਾਲ ਜੁੜੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੇ ਜਾਇਜ਼ ਹੱਕਾਂ ਦੀ ਰੱਖਿਆ ਲਈ ਲੋੜੀਂਦੇ ਕਦਮ ਚੁੱਕਣ ਦੀ ਮੰਗ ਕੀਤੀ ਗਈ। ਪ੍ਰਤੀਨਿਧੀ ਮੰਡਲ ਨੇ ਰਾਜਪਾਲ ਨੂੰ ਬੇਨਤੀ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਮਨਰੇਗਾ ਮਜ਼ਦੂਰਾਂ ਅਤੇ ਕਰਮਚਾਰੀਆਂ ਦੇ ਸਾਰੇ ਬਕਾਇਆ ਭੁਗਤਾਨ ਅਤੇ ਹੋਰ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇ।
ਮਲਿਕ ਤੇ ਸੰਧੂ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ
ਅਜੀਤ ਡੈਸਕ
13-07-2026