ਅਜਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਮੋਦੀ ਸਰਕਾਰ ਵਲੋਂ ਅਮਰੀਕਾ ਦੀ ਟਰੰਪ ਸਰਕਾਰ ਨਾਲ ਕੀਤੇ ਜਾ ਰਹੇ ਕਥਿਤ ‘ਕਰ ਮੁਕਤ ਵਪਾਰ ਸਮਝੌਤੇ’ ਅਤੇ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਲੋਕ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਭਰਵੀਂ ਮੀਟਿੰਗ ਸੀਨੀਅਰ ਕਿਸਾਨ ਆਗੂ ਟਹਿਲ ਸਿੰਘ ਚੇਤਨਪੁਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਡਾ. ਸਤਨਾਮ ਸਿੰਘ ਅਜਨਾਲਾ ਅਤੇ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਲੂਨੰਗਲ ਨੇ ਕਿਹਾ ਕਿ ਜੇਕਰ ਕਰ ਮੁਕਤ ਵਪਾਰ ਸਮਝੌਤਾ ਲਾਗੂ ਹੋਇਆ ਤਾਂ ਦੇਸ਼ ਦੀ ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚੇਗਾ, ਅੰਨ ਸੁਰੱਖਿਆ ਖ਼ਤਰੇ ਵਿਚ ਪੈ ਜਾਵੇਗੀ ਅਤੇ ਛੋਟੇ ਪ੍ਰਚੂਨ ਵਪਾਰ ‘ਤੇ ਵੀ ਗੰਭੀਰ ਅਸਰ ਪਵੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵੀ ਕਿਸਾਨਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ 22 ਜੁਲਾਈ ਨੂੰ ਪੰਜਾਬ ਭਰ ਵਿਚ ਛਿੱਡਣ, ਜੰਡਿਆਲਾ ਗੁਰੂ ਅਤੇ ਕੱਥੂਨੰਗਲ ਸਮੇਤ ਵੱਖ-ਵੱਖ ਟੋਲ ਪਲਾਜਿਆਂ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਮੁਫ਼ਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਸ ਮੁਜ਼ਾਹਰਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਅਤੇ ਮਜ਼ਦੂਰ ਸ਼ਮੂਲੀਅਤ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨਗੇ। ਕਿਸਾਨ ਆਗੂ ਸੁਰਜੀਤ ਸਿੰਘ ਭੂਰੇ ਗਿੱਲ, ਬਲਕਾਰ ਸਿੰਘ ਗੁਲਗੜ੍ਹ ਅਤੇ ਰਜਿੰਦਰ ਸਿੰਘ ਭਲਾ ਪਿੰਡ ਨੇ ਕਿਹਾ ਕਿ ਮੁਜ਼ਾਹਰਿਆਂ ਦੌਰਾਨ ਬਿਜਲੀ ਬਿੱਲ ਅਤੇ ਬੀਜ ਬਿੱਲ-2026 ਵਾਪਸ ਲੈਣ, ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਅਤੇ ਬਾਸਮਤੀ ਸਮੇਤ ਸਾਰੀਆਂ ਫ਼ਸਲਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਵੀ ਪੂਰੇ ਜ਼ੋਰ ਨਾਲ ਉਠਾਈ ਜਾਵੇਗੀ । ਮੀਟਿੰਗ ਵਿਚ ਇੱਕ ਮਤਾ ਪਾਸ ਕਰਕੇ 20 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੀ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਸੂਬਾ ਪੱਧਰੀ ਰੈਲੀ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਰਸ਼ਪਾਲ ਸਿੰਘ ਸਾਹੋਵਾਲ, ਜਤਿੰਦਰ ਸਿੰਘ ਜਾਫਰਕੋਟ, ਸਤਨਾਮ ਸਿੰਘ ਚੱਕ ਔਲ਼, ਰੇਸ਼ਮ ਸਿੰਘ ਅਜਨਾਲਾ, ਸਾਬਕਾ ਸਰਪੰਚ ਹਰਦਿਆਲ ਸਿੰਘ ਡਿਆਲ ਭੱਟੀ, ਜਥੇਦਾਰ ਤਸਬੀਰ ਸਿੰਘ ਹਾਸ਼ਮਪੁਰਾ, ਪ੍ਰੀਤਮ ਸਿੰਘ ਟਨਾਣਾਂ, ਗੁਰਦੇਵ ਸਿੰਘ ਗੱਗੋਮਾਹਲ, ਗੌਰਵ, ਸਤਪਾਲ ਸਿੰਘ, ਗੁਰਦੀਪ ਸਿੰਘ, ਕੁਲਵਿੰਦਰ ਸਿੰਘ, ਜਸਬੀਰ ਸਿੰਘ ਅਤੇ ਸੂਰਤਾ ਸਿੰਘ ਚੱਕ ਔਲ਼ ਆਦਿ ਆਗੂ ਹਾਜ਼ਰ ਸਨ।
ਕਰ ਮੁਕਤ ਵਪਾਰ ਸਮਝੌਤੇ ਅਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ
ਅਜੀਤ ਡੈਸਕ
13-07-2026