ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)-ਸਿੱਖ ਨੌਜਵਾਨਾਂ ਦੀ ਜਥੇਬੰਦੀ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਾਮ ਸ਼ਿਕਾਇਤ ਪੱਤਰ ਸੌਂਪ ਕੇ ਸਿੱਖਾਂ ਦੇ ਕਾਤਲਾਂ ਦੇ ਕਥਿਤ ਤੌਰ ‘ਤੇ ਕੇਸ ਲੜਨ ਵਾਲੇ ਐਡਵੋਕੇਟ ਸਤਨਾਮ ਸਿੰਘ ਕਲੇਰ ਨੂੰ ਪੰਥ ‘ਚੋਂ ਛੇਕਣ ਅਤੇ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਵਲੋਂ ਆਪਣੇ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਛੇ ਜੂਨ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਅੰਗਦ ਸਿੰਘ ਖ਼ਾਲਸਾ ਤੇ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਦੇ ਦਸਤਖ਼ਤਾਂ ਵਾਲਾ ਜਥੇਦਾਰ ਦੇ ਨਾਮ ਪੱਤਰ ਸਕੱਤਰੇਤ ਦੇ ਇੰਚਾਰਜ ਬਗੀਚਾ ਸਿੰਘ ਨੂੰ ਸੌਂਪਿਆ ਗਿਆ, ਜਿਸ ਵਿਚ ਦੋਸ਼ ਲਾਇਆ ਗਿਆ ਕਿ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੇ ਮੌਜੂਦਾ ਚੇਅਰਮੈਨ ਐਡਵੋਕੇਟ ਸਤਨਾਮ ਸਿੰਘ ਕਲੇਰ ਅਤੇ ਉਨ੍ਹਾਂ ਦੇ ਬੇਟੇ ਤੇ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਬੀਤੇ ਸਮੇਂ ਵਿਚ ਕਥਿਤ ਤੌਰ ‘ਤੇ ਸੁਮੇਧ ਸੈਣੀ ਸਮੇਤ ਉਨ੍ਹਾਂ ਅਨੇਕਾਂ ਪੁਲਿਸ ਅਫ਼ਸਰਾਂ ਦੇ ਅਦਾਲਤੀ ਕੇਸ ਲੜੇ ਹਨ, ਜਿਨ੍ਹਾਂ ਨੇ ਸਿੱਖ ਨੌਜਵਾਨਾਂ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਬਣਾ ਕੇ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕਾਤਲਾਂ ਦੀ ਮਦਦ ਕਰਨ ਵਾਲੇ ਅਜਿਹੇ ਵਿਅਕਤੀਆਂ ਦਾ ਪੰਥਕ ਸੰਸਥਾਵਾਂ ਵਿਚ ਹੋਣਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਉਸ ਪ੍ਰਧਾਨ ਦੀ ਜਵਾਬ-ਤਲਬੀ ਕੀਤੀ ਜਾਵੇ ਜਿਸ ਨੇ ਸਿੱਖਾਂ ਦੇ ਐਡਵੋਕੇਟ ਸਤਨਾਮ ਸਿੰਘ ਕਲੇਰ ਦਾ ਨਾਮ ਇਸ ਪੈਨਲ ਵਿਚ ਸ਼ਾਮਿਲ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਸੀ। ਇਸੇ ਦੌਰਾਨ ਐਡਵੋਕੇਟ ਸਤਨਾਮ ਸਿੰਘ ਕਲੇਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਜਥੇਦਾਰ ਦੇ ਨਾਂਅ ਸ਼ਿਕਾਇਤ ਪੱਤਰ ਦੇ ਕੇ ਐਡਵੋਕੇਟ ਕਲੇਰ ਖ਼ਿਲਾਫ਼ ਕਾਰਵਾਈ ਦੀ ਮੰਗ
ਅਜੀਤ ਡੈਸਕ
15-07-2026