05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਗੁਰਬਾਣੀ ਮਨੁੱਖ ਨੂੰ ਸੱਚ, ਨਿਮਰਤਾ, ਦਇਆ, ਸੇਵਾ, ਸੰਤੋਖ ਅਤੇ ਨਾਮ ਨਾਲ ਜੁੜ ਕੇ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ-ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਅੱਜ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ‘ਗੁਰਬਾਣੀ ਦੀ ਰੌਸ਼ਨੀ ‘ਚ ਨੈਤਿਕਤਾ ਅਤੇ ਸ਼ਖਸੀਅਤ ਵਿਕਾਸ’ ਵਿਸ਼ੇ ‘ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਨੇ ਮੁੱਖ ਵਕਤਾ ਵਜੋਂ ਗੁਰਬਾਣੀ ਦੀ ਰੌਸ਼ਨੀ ਵਿਚ ਮਨੁੱਖੀ ਜੀਵਨ ਨੂੰ ਉੱਚਾ, ਸਫ਼ਲ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਭਰਪੂਰ ਬਣਾਉਣ ਸੰਬੰਧੀ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ।
ਦੀਵਾਨ ਮੈਂਬਰਾਂ, ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਸੱਚ, ਨਿਮਰਤਾ, ਦਇਆ, ਸੇਵਾ, ਸੰਤੋਖ ਅਤੇ ਨਾਮ ਨਾਲ ਜੁੜ ਕੇ ਜੀਵਨ ਜਿਊਣ ਦੀ ਪ੍ਰੇਰਨਾ ਦਿੰਦੀ ਹੈ। ਇਨ੍ਹਾਂ ਗੁਣਾਂ ਨੂੰ ਅਪਣਾ ਕੇ ਹੀ ਮਨੁੱਖ ਆਪਣੀ ਸ਼ਖਸੀਅਤ ਦਾ ਸਰਵਪੱਖੀ ਵਿਕਾਸ ਕਰ ਸਕਦਾ ਹੈ ਅਤੇ ਸਮਾਜ ਲਈ ਇਕ ਆਦਰਸ਼ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਨੈਤਿਕ ਮੁੱਲਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਂਦੇ ਹੋਏ ਹੋਰਨਾਂ ਨੂੰ ਵੀ ਇਨ੍ਹਾਂ ਗੁਣਾਂ ਨਾਲ ਜੋੜਨਾ ਅਤੇ ਚੰਗੇ ਆਚਰਨ ਲਈ ਪ੍ਰੇਰਿਤ ਕਰਨਾ ਹਰ ਗੁਰਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਮੁਸੀਬਤਾਂ ਕਦੇ ਵੀ ਮਨੁੱਖ ਤੋਂ ਵੱਡੀਆਂ ਨਹੀਂ ਹੁੰਦੀਆਂ, ਸਗੋਂ ਮਨੁੱਖ ਦਾ ਆਤਮ-ਵਿਸ਼ਵਾਸ ਉਨ੍ਹਾਂ ਨਾਲੋਂ ਵੱਡਾ ਹੋਣਾ ਚਾਹੀਦਾ ਹੈ। ਉਨ੍ਹਾਂ ਸਰੋਤਿਆਂ ਨੂੰ ਚੰਗੀਆਂ ਅਤੇ ਗੁਰਮਤਿ ਅਧਾਰਿਤ ਪੁਸਤਕਾਂ ਪੜ੍ਹਨ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਿੱਖੀ ਮਨੁੱਖ ਨੂੰ ਚੜ੍ਹਦੀ ਕਲਾ, ਸਾਕਾਰਾਤਮਿਕ ਸੋਚ ਅਤੇ ਹਰ ਹਾਲਤ ਵਿਚ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਅਤੇ ਨੈਤਿਕਤਾ ਨਾਲ ਭਰਪੂਰ ਜੀਵਨ ਜਿਊਣ ਦੀ ਸਿੱਖਿਆ ਦਿੰਦੀ ਹੈ।
ਸੈਮੀਨਾਰ ਵਿਚ ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੇ ਨਾਲ-ਨਾਲ ਚੀਫ਼ ਖ਼ਾਲਸਾ ਦੀਵਾਨ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਧਾਰਮਿਕ ਅਧਿਆਪਕਾਂ ਨੇ ਵੀ ਉਤਸ਼ਾਹ ਨਾਲ ਸ਼ਿਰਕਤ ਕੀਤੀ। ਇਸ ਮੌਕੇ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਵਧੀਕ ਸਕੱਤਰ ਅਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਸ. ਕੁਲਜੀਤ ਸਿੰਘ ‘ਸਿੰਘ ਬ੍ਰਦਰਜ਼’ ਨੇ ਗਿਆਨੀ ਹਰਪਾਲ ਸਿੰਘ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਗੁਰਮਤਿ ਅਧਾਰਿਤ ਸੈਮੀਨਾਰ ਨੌਜਵਾਨ ਪੀੜ੍ਹੀ ਵਿਚ ਨੈਤਿਕ ਕਦਰਾਂ-ਕੀਮਤਾਂ, ਉੱਚੇ ਚਰਿੱਤਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵਲੋਂ ਭਵਿੱਖ ਵਿਚ ਵੀ ਅਜਿਹੇ ਗਿਆਨ ਭਰਪੂਰ ਅਤੇ ਪ੍ਰੇਰਣਾਦਾਇਕ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਸ. ਕੁਲਜੀਤ ਸਿੰਘ ਦੁਆਰਾ ਦੀਵਾਨ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਸਿੰਘ ਸਾਹਿਬ ਭਾਈ ਹਰਪਾਲ ਸਿੰਘ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਮਨਜੀਤ ਸਿੰਘ, ਤਰਲੋਚਨ ਸਿੰਘ, ਗੁਰਭੇਜ ਸਿੰਘ, ਤਜਿੰਦਰ ਸਿੰਘ ਖ਼ਾਲਸਾ, ਅੰਡਰ ਸੈਕਟਰੀ ਕੰਵਰ ਸੁਖਜਿੰਦਰ ਸਿੰਘ ਛੱਤਵਾਲ, ਪ੍ਰਿੰ: ਜਸਵਿੰਦਰ ਕੌਰ ਮਾਹਲ, ਪ੍ਰਿੰ: ਕਵਲਪ੍ਰੀਤ ਕੌਰ, ਪ੍ਰਿੰ: ਹਰਪਾਲ ਸਿੰਘ ਤੇ ਸੁਖਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ, ਵਿਦਿਆਰਥੀ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ 2025 ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਸਤੰਬਰ-ਅਕਤੂਬਰ ਇਨਟੇਕ ਨਿਊਜ਼ੀਲੈਂਡ ਜਾਣ ਦਾ ਸੁਨਹਿਰੀ ਮੌਕਾ ਅਗਲੀ ਖ਼ਬਰ ਜੀ.ਐੱਚ.ਜੀ ਕਾਲਜ ਆਫ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ
Ad Position 24
No active advertisement