ਅੰਮ੍ਰਿਤਸਰ, 16 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ ‘ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿਚ ਵਾਧਾ ਨਹੀਂ ਕਰ ਸਕੇਗਾ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ‘ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026’ ਨੂੰ ਰਾਜਪਾਲ ਵਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵਲੋਂ ਮਨਮਾਨੇ ਢੰਗ ਨਾਲ ਫੀਸਾਂ ਵਿਚ ਕੀਤੇ ਜਾਂਦੇ ਵਾਧੇ ‘ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਜਾਇਜ਼ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਇਤਿਹਾਸਕ ਫ਼ੈਸਲਾ ਲਿਆ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਹ ਕਾਨੂੰਨ ਸਿੱਖਿਆ ਖੇਤਰ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਹੋਰ ਮਜ਼ਬੂਤ ਕਰੇਗਾ। ਹੁਣ ਸਕੂਲ ਆਪਣੀ ਮਰਜ਼ੀ ਨਾਲ ਫੀਸਾਂ ਵਿਚ ਵਾਧਾ ਨਹੀਂ ਕਰ ਸਕਣਗੇ ਅਤੇ ਹਰ ਫ਼ੈਸਲਾ ਨਿਰਧਾਰਤ ਨਿਯਮਾਂ ਦੇ ਦਾਇਰੇ ਵਿਚ ਰਹਿ ਕੇ ਹੀ ਲੈਣਾ ਹੋਵੇਗਾ। ਇਸ ਨਾਲ ਮਾਪਿਆਂ ਦੇ ਹੱਕਾਂ ਦੀ ਰੱਖਿਆ ਹੋਵੇਗੀ ਅਤੇ ਬੱਚਿਆਂ ਦੀ ਸਿੱਖਿਆ ‘ਤੇ ਬੇਲੋੜਾ ਆਰਥਿਕ ਬੋਝ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਸਿੱਖਿਆ ਦੇ ਖੇਤਰ ਵਿਚ ਇਕ ਮੀਲ ਪੱਥਰ ਸਾਬਤ ਹੋਵੇਗਾ ਅਤੇ ਸੂਬੇ ਦੇ ਲੱਖਾਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰੇਗਾ।
ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ ਮਾਪਿਆਂ ਲਈ ਵੱਡੀ ਰਾਹਤ-ਧਾਲੀਵਾਲ
ਅਜੀਤ ਡੈਸਕ
17-07-2026