ਅੰਮ੍ਰਿਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਾਲੀਆ ਪੰਜਾਬ ਦੌਰੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ‘ਫਲਾਪ ਸ਼ੋਅ’ ਕਰਾਰ ਦਿੱਤਾ ਹੈ । ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦਾ ਦੌਰਾ ਪੰਜਾਬ ਲਈ ਨਾ ਸਿਰਫ਼ ਨਿਰਾਸ਼ਾਜਨਕ ਰਿਹਾ, ਸਗੋਂ ਉਨ੍ਹਾਂ ਵਲੋਂ ਕੀਤੀ ਗਈ ਬਿਆਨਬਾਜ਼ੀ ਖੋਖਲੀ ਅਤੇ ਜਨਤਾ ਨੂੰ ਗੁੰਮਰਾਹ ਕਰਨ ਵਾਲੀ ਸੀ। ਅੱਜ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ ਅਤੇ ਚੇਅਰਮੈਨ ਸਰਬਜੋਤ ਸਿੰਘ ਧੰਜਲ ਨਾਲ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਸਿੱਧੇ ਤੌਰ ‘ਤੇ ਭਾਜਪਾ ‘ਤੇ ਹਮਲਾ ਕਰਦਿਆਂ ਕਿਹਾ ਕਿ ਜੋ ਲੋਕ ਰਾਮ ਮੰਦਰ ਵਰਗੇ ਪਵਿੱਤਰ ਅਸਥਾਨ ਦੇ ਨਾਂ ‘ਤੇ ਚੰਦਾ ਚੋਰੀ ਕਰ ਸਕਦੇ ਹਨ, ਉਹ ਦੇਸ਼ ਪ੍ਰਤੀ ਕਦੇ ਵੀ ਇਮਾਨਦਾਰ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਰੋੜਾਂ ਰੁਪਏ ਦਾ ਆਰ.ਡੀ.ਐੱਫ. ਅਤੇ ਹੋਰ ਫੰਡ ਕੇਂਦਰ ਸਰਕਾਰ ਨੇ ਰੋਕ ਰੱਖਿਆ ਹੈ। ਪੈਟਰੋਲ ’ਚ 20% ਈਥੇਨੌਲ ਮਿਲਾਉਣ ਦੇ ਮੁੱਦੇ ‘ਤੇ ਧਾਲੀਵਾਲ ਨੇ ਇਸ ਨੂੰ ਜਨਤਾ ਦੀ ਜੇਬ ‘ਤੇ ਇਕ ਹੋਰ ਡਾਕਾ ਦੱਸਿਆ। ਉਨ੍ਹਾਂ ਸਵਾਲ ਕੀਤਾ ਕਿ ਕਿਸ ਕਾਨੂੰਨ ਤਹਿਤ ਆਮ ਲੋਕਾਂ ‘ਤੇ ਇਹ ਜ਼ਬਰਦਸਤੀ ਥੋਪੀ ਜਾ ਰਹੀ ਹੈ? ਉਨ੍ਹਾਂ ਕਿਹਾ ਕਿ ਇਥੇਨੌਲ ਨਾਲ ਤੇਲ ਸਸਤਾ ਹੋਣ ਦਾ ਦਾਅਵਾ ਕੀਤਾ ਗਿਆ ਸੀ, ਪਰ ਇਸ ਦੇ ਉਲਟ ਕੀਮਤਾਂ ਹੋਰ ਵਧ ਗਈਆਂ, ਜਿਸ ਦਾ ਸਿੱਧਾ ਬੋਝ ਆਮ ਆਦਮੀ ਦੀ ਕਮਰ ਤੋੜ ਰਿਹਾ ਹੈ। ਨਸ਼ੇ ਦੇ ਮੁੱਦੇ ‘ਤੇ ਧਾਲੀਵਾਲ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਵਿਚ ਨਸ਼ਾ ਉਦੋਂ ਫੈਲਿਆ ਜਦੋਂ ਭਾਜਪਾ ਅਤੇ ਅਕਾਲੀ ਦਲ ਦੀ ਗਠਜੋੜ ਸਰਕਾਰ ਸੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੇ ਮੁੱਦੇ ‘ਤੇ ਵੀ ਪੂਰੀ ਤਰ੍ਹਾਂ ਖਾਮੋਸ਼ ਰਹੇ। 720 ਕਿਸਾਨਾਂ ਦੀ ਸ਼ਹਾਦਤ ਅਤੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਵਾਅਦੇ ‘ਤੇ ਕੇਂਦਰ ਸਰਕਾਰ ਨੇ ਅੱਜ ਤੱਕ ਇਕ ਧੇਲਾ ਨਹੀਂ ਦਿੱਤਾ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਇਹ ਨਹੀਂ ਦੱਸਿਆ ਕਿ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦਾ ਪੰਜਾਬ ਦੇ ਕਿਸਾਨਾਂ ‘ਤੇ ਕੀ ਪ੍ਰਭਾਵ ਪਵੇਗਾ। ਧਾਲੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਾਲੀ ਹੱਥ ਆਏ ਅਤੇ ਖਾਲੀ ਹੱਥ ਗਏ। ਪੰਜਾਬ ਦੇ ਭਾਜਪਾ ਆਗੂ ਇਹ ਦੱਸਣ ਕਿ ਪ੍ਰਧਾਨ ਮੰਤਰੀ ਨੇ ਪੰਜਾਬ ਨੂੰ ਕੀ ਦਿੱਤਾ? ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੜ੍ਹ ਪੀੜਤਾਂ ਲਈ 20-20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਹੋਰ ਰਾਹਤ ਸਹਾਇਤਾ ਦੇ ਕੇ ਉਨ੍ਹਾਂ ਦਾ ਸਾਥ ਦਿੱਤਾ, ਜਦਕਿ ਕੇਂਦਰ ਸਰਕਾਰ ਸਿਰਫ਼ ਝੂਠੇ ਵਾਅਦੇ ਕਰਦੀ ਰਹੀ। ਅਜਿਹੇ ਵਿਚ ਪ੍ਰਧਾਨ ਮੰਤਰੀ ਦਾ ਇਹ ਦੌਰਾ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕਣ ਤੋਂ ਸਿਵਾਏ ਕੁਝ ਨਹੀਂ ਸੀ।