08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਨੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 20-07-2026

ਅੰਮ੍ਰਿਤਸਰ, 19 ਜੁਲਾਈ (ਸੁਰਿੰਦਰ ਕੋਛੜ)-ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਚਿਰਾਗ਼ ਪਾਸਵਾਨ ਨੇ ਅੱਜ ਅੰਮ੍ਰਿਤਸਰ ਪਹੁੰਚ ਕੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਦੌਰਾਨ ਸਤਿਕਾਰ ਵਜੋਂ ਸਿਰ ‘ਤੇ ਕੇਸਰੀ ਪੱਗ ਵੀ ਸਜਾਈ ਹੋਈ ਸੀ। ਉਹ ਸੈਂਟਰਲ ਵਿਸਟਾ (ਸ਼ਹੀਦੀ ਯਾਦਗਾਰ) ਵਿਖੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਜਲ੍ਹਿਆਂਵਾਲਾ ਬਾਗ ਸਮਾਰਕ ਵਿਖੇ ਸ਼ਹੀਦੀ ਜੋਤਿ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ‘ਤੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਦੇ ਸਕੱਤਰ ਸੂਕੁਮਾਰ ਮੁਖਰਜੀ, ਕੇਅਰ ਟੇਕਰ ਦੀਪਕ ਸੇਠ ਆਦਿ ਵੀ ਹਾਜ਼ਰ ਸਨ। ਉਨ੍ਹਾਂ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਦੇ ਮਹੱਤਵ ਅਤੇ ਉਸ ਦੇ ਲਈ ਕੀਤੇ ਗਏ ਬਲੀਦਾਨਾਂ ਦੀ ਯਾਦ ਦਿਵਾਏਗਾ ਅਤੇ ਉਨ੍ਹਾਂ ਨੂੰ ਰਾਸ਼ਟਰ ਨਿਰਮਾਣ ‘ਚ ਯੋਗਦਾਨ ਦੇਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ । ਜਲ੍ਹਿਆਂਵਾਲਾ ਬਾਗ ਵਿਖੇ ਸਕੱਤਰ ਦਫ਼ਤਰ ’ਚ ਮੀਡੀਆ ਨਾਲ ਗੱਲ ਕਰਦਿਆਂ ਕੇਂਦਰੀ ਮੰਤਰੀ ਪਾਸਵਾਨ ਨੇ ਕਿਹਾ ਕਿ ਦੇਸ਼ ਅਤੇ ਸਮਾਜ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਤਾਕਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕ ਜਨਸ਼ਕਤੀ ਪਾਰਟੀ ਦੇਸ਼ ਭਰ ‘ਚ ਆਪਣੇ ਸੰਗਠਨ ਦਾ ਵਿਸਥਾਰ ਕਰ ਰਹੀ ਹੈ ਅਤੇ ਇਕ ਨਵੇਂ ਦ੍ਰਿਸ਼ਟੀਕੋਣ ਨਾਲ ਪੰਜਾਬ ਦੇ ਲੋਕਾਂ ਤੱਕ ਪਹੁੰਚੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨੂੰ ਕਈ ਸਾਲਾਂ ਤੋਂ ਆਪਣਾ ਬਣਦਾ ਹੱਕ ਨਹੀਂ ਮਿਲਿਆ ਹੈ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਰਗੇ ਮਹੱਤਵਪੂਰਨ ਖੇਤਰਾਂ ‘ਚ ਉਮੀਦ ਅਨੁਸਾਰ ਪ੍ਰਦਰਸ਼ਨ ਨਹੀਂ ਕੀਤਾ ਹੈ। ਜੰਤਰ-ਮੰਤਰ ‘ਤੇ ਕੇਂਦਰ ਸਰਕਾਰ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਇਕ ਸਵਾਲ ਦੇ ਜਵਾਬ ‘ਚ ਚਿਰਾਗ਼ ਪਾਸਵਾਨ ਨੇ ਕਿਹਾ ਕਿ ਲੋਕਤੰਤਰ ‘ਚ ਹਰ ਕਿਸੇ ਨੂੰ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਦਾ ਅਧਿਕਾਰ ਹੈ। ਹਾਲਾਂਕਿ, ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮੱਸਿਆ ਦਾ ਸਥਾਈ ਹੱਲ ਨਾ ਸਿਰਫ਼ ਵਿਰੋਧ ਪ੍ਰਦਰਸ਼ਨਾਂ ਰਾਹੀਂ, ਸਗੋਂ ਸਰਕਾਰ ਨਾਲ ਗੱਲਬਾਤ ਰਾਹੀਂ ਵੀ ਲੱਭਿਆ ਜਾ ਸਕਦਾ ਹੈ। ਉਨ੍ਹਾਂ ਮੰਨਿਆ ਕਿ ਸਿੱਖਿਆ ਪ੍ਰਣਾਲੀ ‘ਚ ਪਾਰਦਰਸ਼ਤਾ ਅਤੇ ਸੁਧਾਰਾਂ ਦੀ ਲੋੜ ਹੋ ਸਕਦੀ ਹੈ, ਪਰ ਉਨ੍ਹਾਂ ਦੋਸ਼ ਲਗਾਇਆ ਕਿ ਕੁੱਝ ਸਿਆਸੀ ਪਾਰਟੀਆਂ ਰਾਜਨੀਤਿਕ ਲਾਭ ਲਈ ਇਸ ਅੰਦੋਲਨ ਦਾ ਸ਼ੋਸ਼ਣ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਉਚਿੱਤ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਸਥਿਤ ਅਮਰ ਕੈਮੀਕਲ ਦੇ ਕਈ ਗ਼ੈਰ-ਕਾਨੂੰਨੀ ਸੀਵਰੇਜ ਕੁਨੈਕਸ਼ਨ ਤੋੜੇ ਅਗਲੀ ਖ਼ਬਰ ਅੰਮ੍ਰਿਤਸਰ ’ਚ ਭਾਰੀ ਬਾਰਿਸ਼ ਕਾਰਨ ਹੋਈ ਜਲਥਲ, ਇਕ ਘੰਟਾ ਪਏ ਮੀਂਹ ਨੇ ਖੋਲ੍ਹੀ ਨਿਗਮ ਦੇ ਸੀਵਰੇਜ ਦੀ ਪੋਲ
Ad Position 24