ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਭਾਰਤ ਸਰਕਾਰ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਖੋਲ੍ਹਿਆ ਜਾਵੇ। ਜਾਰੀ ਬਿਆਨ ਵਿਚ ਜਥੇ: 96 ਕਰੋੜੀ ਨੇ ਕਿਹਾ ਕਿ ਸਰਕਾਰ ਸਿੱਖਾਂ ਦੀ ਇਸ ਧਾਰਮਿਕ ਭਾਵਨਾ ਨੂੰ ਸੰਵੇਦਨਸ਼ੀਲਤਾ ਨਾਲ ਲਵੇ। ਉਨ੍ਹਾਂ ਕਿਹਾ ਦੇਸ਼ ਦੀ ਵੰਡ ਤੋਂ ਲੈ ਕੇ ਅੱਜ ਤੱਕ ਸੰਗਤਾਂ ਇਸ ਲਾਂਘੇ ਲਈ ਅਰਦਾਸਾਂ ਕਰਦੀਆਂ ਆ ਰਹੀਆਂ ਹਨ। ਕੇਂਦਰ ਸਰਕਾਰ ਵਲੋਂ ਆਪ੍ਰੇਸ਼ਨ ਸੰਧੂਰ ਸਮੇਂ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਸੀ, ਪਰ ਹੁਣ ਭਾਰਤ ਸਰਕਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਬਿਨਾਂ ਦੇਰੀ ਕੀਤਿਆਂ ਤੁਰੰਤ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਸਿੱਖਾਂ ਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਦੀ ਆਸਥਾ ਦਾ ਕੇਂਦਰ ਹੈ। ਉਨ੍ਹਾਂ ਕਿਹਾ ਇਸ ਲਾਂਘੇ ਸੰਬੰਧੀ ਸੰਗਤਾਂ ਦੀ ਮੰਗ ਨੂੰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਰਾਜਨੀਤਕ ਪਾਰਟੀਆਂ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁੱਲ੍ਹਵਾਉਣ ਦੇ ਯਤਨ ਕਰਨੇ ਚਾਹੀਦੇ ਹਨ।
ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਿਆ ਜਾਵੇ-ਜਥੇਦਾਰ 96 ਕਰੋੜੀ
ਅਜੀਤ ਡੈਸਕ
21-07-2026