ਰਾਜਾਸਾਂਸੀ, 22 ਜੁਲਾਈ (ਹਰਦੀਪ ਸਿੰਘ ਖੀਵਾ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਲਿਖਤੀ ਬਿਆਨ ’ਚ ਲੰਘੇ ਦਿਨ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰੀਖਿਆਵਾਂ ਵਿਚ ਕਥਿਤ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਮਾਮਲਿਆਂ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ, ਨੌਜਵਾਨਾਂ ਅਤੇ ਸਮਾਜਿਕ ਕਾਰਕੁਨਾਂ ‘ਤੇ ਹੋਏ ਲਾਠੀਚਾਰਜ ਤੋਂ ਇਲਾਵਾ ਵਿਦਿਆਰਥੀਆਂ ਦੇ ਹੱਕ ‘ਚ ਡਟੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਹੋਰ ਕਾਂਗਰਸੀ ਆਗੂਆਂ ‘ਤੇ ਕੀਤੀ ਗਈ ਪੁਲਿਸ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ । ਅਜਨਾਲਾ ਨੇ ਕਿਹਾ ਕਿ ਜਦੋਂ ਵਿੱਦਿਆ ਦਾ ਵਪਾਰੀਕਰਨ ਕਰਕੇ ਵਿੱਦਿਆ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀ ਹੈ ਅਤੇ ਮੋਟੇ ਪੈਸੇ ਖ਼ਰਚ ਕੇ ਵੀ ਜਦੋਂ ਇਹੋ ਜਿਹੇ ਪੇਪਰ ਲੀਕ ਮਾਮਲੇ ਸਾਹਮਣੇ ਆ ਰਹੇ ਹਨ ਤਾਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਪ੍ਰਤੀ ਅਸੰਵੇਦਨਸ਼ੀਲਤਾ ਪੈਦਾ ਹੋ ਰਹੀ ਹੈ। ਇਸ ਕਰਕੇ ਆਪਣਾ ਵਿਰੋਧ ਪ੍ਰਗਟਾ ਰਹੇ ਵਿਦਿਆਰਥੀ ਕਾਰਕੁੰਨਾਂ ਉਪਰ ਤਸ਼ੱਦਦ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾ ਰਾਹੁਲ ਗਾਂਧੀ ਵਲੋਂ ਵੀ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜੇ ਜਾਇਜ਼ ਮੁੱਦੇ ਉਠਾਏ ਜਾ ਰਹੇ ਸਨ, ਉਹ ਪ੍ਰੀਖਿਆ ਪ੍ਰਣਾਲੀ ਵਿਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸੁਧਾਰਾਂ ਦੀ ਮੰਗ ਕਰ ਰਹੇ ਸਨ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਸਮੇਤ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਥਾਂ ਪੁਲਿਸ ਬਲ ਦਾ ਸਹਾਰੇ ਨਾਲ ਡਿਟੇਨ ਕੀਤਾ ਲਿਆ ਗਿਆ । ਇਸ ਤੋਂ ਇਲਾਵਾ ਬੀਤੇ ਦਿਨੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਆਰ.ਐੱਸ.ਐੱਸ. ਦਾ ਪ੍ਰੋਗਰਾਮ ਰੱਖਿਆ ਗਿਆ, ਜਿਸ ’ਚ ਸਾਧਵੀ ਰਿਤਾਂਬਰਾ ਅਤੇ ਵੀ ਸ਼ਾਂਤਾ ਕੁਮਾਰੀ ਵਰਗੇ ਵਿਵਾਦਪੂਰਨ ਬੁਲਾਰੇ ਜੋ ਪਿਛਲੇ ਸਮੇਂ ਦੌਰਾਨ ਔਰਤਾਂ, ਘੱਟ ਗਿਣਤੀਆਂ ਅਤੇ ਮੁਸਲਮਾਨਾਂ ਪ੍ਰਤੀ ਜ਼ਹਿਰ ਉਗਲਦੇ ਰਹੇ ਹਨ। ਇਸ ਕਰਕੇ ਇਸ ਪ੍ਰੋਗਰਾਮ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੀ ਕਾਰਵਾਈ ਦੀ ਵੀ ਨਿਖੇਧੀ ਕੀਤੀ।