ਆਪ੍ਰੇਸ਼ਨ ਸੰਪਰਕ ਰਾਹੀਂ ਪੁਲਿਸ ਵਲੋਂ ਲੋਕਾਂ ਨਾਲ ਸਿੱਧਾ ਸੰਪਰਕ ਲਈ ਮੀਟਿੰਗਾਂ ਜਾਰੀ
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਏ ‘ਸੰਪਰਕ’ ਪ੍ਰੋਗਰਾਮ ਦੌਰਾਨ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਜਿਥੇ ਸ਼ਮੂਲੀਅਤ ਲਈ ਲੋਕਾਂ ਦਾ ਧੰਨਵਾਦ ਕੀਤਾ ਉਥੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਦੇ ਖਾਤਮੇ ਲਈ ਪਰਿਵਾਰ, ਸਮਾਜ, ਪ੍ਰਸ਼ਾਸਨ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਰਿਵਾਰ ਤੇ ਸਮਾਜ ਦੀ ਭੂਮਿਕਾ ਸਭ ਤੋਂ ਅਹਿਮ ਹੈ।
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ)-ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਤੇ ਲੋਕਾਂ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨ ਦੇ ਮਕਸਦ ਨਾਲ ਕਰਵਾਏ ‘ਸੰਪਰਕ’ ਪ੍ਰੋਗਰਾਮ ਦੌਰਾਨ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਜਿਥੇ ਸ਼ਮੂਲੀਅਤ ਲਈ ਲੋਕਾਂ ਦਾ ਧੰਨਵਾਦ ਕੀਤਾ ਉਥੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਪੁਲਿਸ ਜਾਂ ਸਰਕਾਰ ਦੀ ਜ਼ਿੰਮੇਵਾਰੀ ਨਹੀਂ ਹੈ, ਸਗੋਂ ਇਸ ਦੇ ਖਾਤਮੇ ਲਈ ਪਰਿਵਾਰ, ਸਮਾਜ, ਪ੍ਰਸ਼ਾਸਨ ਅਤੇ ਪੁਲਿਸ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਰਿਵਾਰ ਤੇ ਸਮਾਜ ਦੀ ਭੂਮਿਕਾ ਸਭ ਤੋਂ ਅਹਿਮ ਹੈ। ਸੀ. ਪੀ. ਸ੍ਰੀ ਗਿੱਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਚੁਣੌਤੀ ਨਾਲ ਨਜਿੱਠਣ ਲਈ ਸਿਰਫ਼ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਬਲਕਿ ਨਸ਼ਿਆਂ ਦੀ ਮੰਗ ਨੂੰ ਘਟਾਉਣ, ਨੌਜਵਾਨਾਂ ਦੀ ਕੌਂਸਲਿੰਗ ਕਰਨ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਵਿਅਕਤੀਆਂ ਨੂੰ ਮੁੜ ਮੁੱਖ ਧਾਰਾ ਵਿਚ ਲਿਆਉਣ ’ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਿਛਲੇ ਸਮੇਂ ਵਿਚ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਹੁਣ ਸਮਾਜ ਨੂੰ ਨਸ਼ਿਆਂ ਦੀ ਸਮੱਸਿਆ ਵਿਰੁੱਧ ਵੀ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪਰਿਵਾਰਕ ਸੰਵਾਦ, ਖੇਡਾਂ, ਸਿੱਖਿਆ ਤੇ ਰੋਜ਼ਗਾਰ ਦੇ ਮੌਕਿਆਂ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਸੀ. ਪੀ. ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਪਰਿਵਾਰ ਦੀ ਭੂਮਿਕਾ ਸਭ ਤੋਂ ਪਹਿਲਾਂ ਆਉਂਦੀ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਨਿਯਮਿਤ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ, ਦੋਸਤਾਂ ਅਤੇ ਰੋਜ਼ਾਨਾ ਦੇ ਰੁਟੀਨ ਬਾਰੇ ਜਾਣਕਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਇੱਕੋ ਘਰ ਵਿਚ ਰਹਿੰਦੇ ਹੋਏ ਵੀ ਪਰਿਵਾਰਕ ਮੈਂਬਰ ਮੋਬਾਈਲ ਫੋਨਾਂ ਵਿਚ ਰੁੱਝੇ ਰਹਿੰਦੇ ਹਨ, ਜਿਸ ਕਾਰਨ ਬੱਚਿਆਂ ਨਾਲ ਸਿੱਧਾ ਸੰਵਾਦ ਘਟਦਾ ਜਾ ਰਿਹਾ ਹੈ। ਸੀ. ਪੀ. ਸ੍ਰੀ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦਿੱਤੀ ਜਾਣਕਾਰੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਾਉਣ ਵਿਚ ਮਹੱਤਵਪੂਰਨ ਸਾਬਤ ਹੋ ਸਕਦੀ ਹੈ। ਅੰਤ ਵਿਚ ਉਨ੍ਹਾਂ ਸਮੂਹ ਹਾਜ਼ਰੀਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ।