26 ਤੋਂ 28 ਸਤੰਬਰ ਤੱਕ ਰਣਜੀਤ ਐਵੀਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵੀਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲਾ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ।
ਅੰਮ੍ਰਿਤਸਰ, 24 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਸਸ਼ਕਤ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਪੰਜਾਬ ਸਖੀ ਸ਼ਕਤੀ ਮੇਲਾ’ 26 ਤੋਂ 28 ਸਤੰਬਰ ਤੱਕ ਰਣਜੀਤ ਐਵੀਨਿਊ ਦੀ ਦੁਸਹਿਰਾ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਮੇਲਾ ਰੋਜ਼ਾਨਾ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਲੋਕਾਂ ਲਈ ਖੁੱਲ੍ਹਾ ਰਹੇਗਾ। ‘ਪੰਜਾਬ ਸਖੀ ਸ਼ਕਤੀ ਮੇਲੇ’ ਸੰਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ ਨੇ ਦੱਸਿਆ ਕਿ ਇਸ ਮੇਲੇ ‘ਚ ਮਹਿਲਾ ਉੱਦਮੀਆਂ, ਸਵੈ-ਸਹਾਇਤਾ ਸਮੂਹਾਂ ਅਤੇ ਹੁਨਰਮੰਦ ਮਹਿਲਾਵਾਂ ਵਲੋਂ ਤਿਆਰ ਕੀਤੇ ਹੱਥ ਨਾਲ ਬਣੇ ਉਤਪਾਦ, ਹਸਤਕਲਾ, ਕੱਪੜੇ, ਸਜਾਵਟੀ ਸਮਾਨ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਘਰੇਲੂ ਉਤਪਾਦ ਪ੍ਰਦਰਸ਼ਿਤ ਅਤੇ ਵਿਕਰੀ ਲਈ ਉਪਲਬਧ ਹੋਣਗੇ। ਉਨ੍ਹਾਂ ਕਿਹਾ ਕਿ ਮੇਲੇ ਰਾਹੀਂ ਮਹਿਲਾਵਾਂ ਨੂੰ ਆਪਣੇ ਉਤਪਾਦਾਂ ਦੀ ਮਾਰਕੀਟਿੰਗ, ਬ੍ਰਾਂਡਿੰਗ ਅਤੇ ਨਵੇਂ ਗਾਹਕਾਂ ਨਾਲ ਸਿੱਧਾ ਸੰਪਰਕ ਬਣਾਉਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਸਰਕਾਰ ਦੀਆਂ ਸਵੈ-ਰੋਜ਼ਗਾਰ, ਹੁਨਰ ਵਿਕਾਸ ਅਤੇ ਭਲਾਈ ਸਕੀਮਾਂ ਸੰਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੇਲੇ ‘ਚ ਵੱਖ-ਵੱਖ ਕਲਾਕਾਰਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਅਤੇ ਰੰਗਾਰੰਗ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੱਭਿਆਚਾਰਕ ਸਮਾਗਮ ‘ਚ 26 ਸਤੰਬਰ ਨੂੰ ਸ਼ਾਮ 5 ਵਜੇ ਪ੍ਰਸਿੱਧ ਲੋਕ ਗਾਇਕ ਕੰਵਰ ਗਰੇਵਾਲ ਅਤੇ 28 ਸਤੰਬਰ ਨੂੰ ਸ਼ਾਮ 5 ਵਜੇ ਮੰਡੇਰ ਬ੍ਰਦਰਜ਼ ਆਪਣੀ ਸੁਰੀਲੀ ਗਾਇਕੀ ਨਾਲ ਰੰਗ ਬੰਨ੍ਹਣਗੇ। ਇਸ ਤੋਂ ਇਲਾਵਾ ‘ਪੰਜਾਬ ਸਖੀ ਸ਼ਕਤੀ ਮੇਲੇ’ ‘ਚ ਸਕੂਲੀ ਵਿਦਿਆਰਥੀਆਂ ਵਲੋਂ ਵੀ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਪਰਿਵਾਰਾਂ ਅਤੇ ਬੱਚਿਆਂ ਲਈ ਝੂਲੇ ਤੇ ਮਨੋਰੰਜਨ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਖਾਣ-ਪੀਣ ਦੇ ਸਟਾਲ ਵੀ ਮੇਲੇ ਦਾ ਵਿਸ਼ੇਸ਼ ਆਕਰਸ਼ਣ ਹੋਣਗੇ। ਪੱਲਵੀ ਮਿਸ਼ਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ‘ਪੰਜਾਬ ਸਖੀ ਸ਼ਕਤੀ ਮੇਲਾ’ ‘ਚ ਪਹੁੰਚ ਕੇ ਮਹਿਲਾਵਾਂ ਦੇ ਹੁਨਰ ਅਤੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦਾ ਆਨੰਦ ਮਾਣਨ।