ਨਹਿਰੂ ਸ਼ਾਪਿੰਗ ਕੰਪਲੈਕਸ ਦੇ ਬਾਹਰੋਂ ਨਗਰ ਨਿਗਮ ਨੇ ਨਾਜਾਇਜ਼ ਕਬਜ਼ਾ ਹਟਾਇਆ
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਬਾਹਰ ਸਰਕਾਰੀ ਟਿਊਬਵੈੱਲ ਦੀ ਜਗ੍ਹਾ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਕੇ ਚਲਾਈ ਜਾ ਰਹੀ ਜੂਸ ਦੀ ਦੁਕਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ।
ਅੰਮ੍ਰਿਤਸਰ, 28 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ ਨਹਿਰੂ ਸ਼ਾਪਿੰਗ ਕੰਪਲੈਕਸ ਦੇ ਬਾਹਰ ਸਰਕਾਰੀ ਟਿਊਬਵੈੱਲ ਦੀ ਜਗ੍ਹਾ ’ਤੇ ਕਥਿਤ ਤੌਰ ’ਤੇ ਨਾਜਾਇਜ਼ ਕਬਜ਼ਾ ਕਰਕੇ ਚਲਾਈ ਜਾ ਰਹੀ ਜੂਸ ਦੀ ਦੁਕਾਨ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਕਾਰਵਾਈ ਸੈਕਟਰੀ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ, ਜਿਸ ਦੀ ਅਗਵਾਈ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਵਲੋਂ ਕੀਤੀ ਗਈ। ਇਸ ਤੋਂ ਪਹਿਲਾਂ ਨਗਰ ਨਿਗਮ ਕਮਿਸ਼ਨਰ ਵਲੋਂ ਸੰਬੰਧਿਤ ਅਧਿਕਾਰੀਆਂ ਨੂੰ ਨਾਲ ਲੈ ਕੇ ਮੌਕੇ ਦਾ ਨਿਰੀਖਣ ਕਰਨ, ਤੱਥਾਂ ਦੀ ਜਾਂਚ ਕਰਨ ਅਤੇ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਇਸ ਦੇ ਨਾਲ ਹੀ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕਰਨ ਲਈ ਵੀ ਆਦੇਸ਼ ਜਾਰੀ ਕੀਤੇ ਗਏ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਨਗਰ ਨਿਗਮ ਦੇ ਟਿਊਬਵੈੱਲ ਦੀ ਜਗ੍ਹਾ ’ਤੇ ਕਿਸ ਤਰ੍ਹਾਂ ਨਾਜਾਇਜ਼ ਕਬਜ਼ਾ ਕਰਕੇ ਇਸ ਦੀ ਵਰਤੋਂ ਕੀਤੀ ਜਾ ਰਹੀ ਸੀ। ਨਿਰੀਖਣ ਦੌਰਾਨ ਨਿਗਮ ਦੀ ਟੀਮ ਨੇ ਪਾਇਆ ਕਿ ਜੂਸ ਦੀ ਦੁਕਾਨ ਦੇ ਮਾਲਕ ਵਲੋਂ ਕਥਿਤ ਤੌਰ ’ਤੇ ਨਗਰ ਨਿਗਮ ਦੇ ਟਿਊਬਵੈੱਲ ਦੀ ਜਗ੍ਹਾ ਦੀ ਬਿਨਾਂ ਮਨਜ਼ੂਰੀ ਵਪਾਰਕ ਵਰਤੋਂ ਕੀਤੀ ਜਾ ਰਹੀ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਬਜ਼ੇ ਵਿਰੁੱਧ ਕਾਰਵਾਈ ਕੀਤੀ ਗਈ। ਮੌਕੇ ’ਤੇ ਪਿਆ ਸਾਮਾਨ ਜ਼ਬਤ ਕੀਤਾ ਗਿਆ ਅਤੇ ਸਮਰੱਥ ਅਧਿਕਾਰੀਆਂ ਦੇ ਹੁਕਮਾਂ ਅਨੁਸਾਰ ਜੂਸ ਦੀ ਦੁਕਾਨ ਨੂੰ ਸੀਲ ਕਰਨ ਦੀ ਕਾਰਵਾਈ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰ ਗਿੱਲ ਨੇ ਅਧਿਕਾਰੀਆਂ ਨੂੰ ਨਗਰ ਨਿਗਮ ਦੀਆਂ ਜਾਇਦਾਦਾਂ ਅਤੇ ਜਨਤਕ ਸਹੂਲਤਾਂ ਵਾਲੀਆਂ ਥਾਵਾਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਜਿੱਥੇ ਵੀ ਨਾਜਾਇਜ਼ ਕਬਜ਼ਾ ਜਾਂ ਦੁਰਵਰਤੋਂ ਪਾਈ ਜਾਵੇ, ਉੱਥੇ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਸੰਬੰਧੀ ਸ਼ਿਕਾਇਤਾਂ ਅਤੇ ਖ਼ਬਰਾਂ ਦਾ ਤੁਰੰਤ ਨੋਟਿਸ ਲੈ ਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਨਿਗਮ ਕਮਿਸ਼ਨਰ ਵਲੋਂ ਨਾਗਰਿਕਾਂ ਅਤੇ ਵਪਾਰਕ ਅਦਾਰਿਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਾਨੂੰਨੀ ਮਨਜ਼ੂਰੀ ਦੇ ਨਗਰ ਨਿਗਮ ਦੀ ਜ਼ਮੀਨ, ਟਿਊਬਵੈੱਲਾਂ ਦੀ ਜਗ੍ਹਾ, ਸੜਕਾਂ ਦੇ ਕਿਨਾਰਿਆਂ, ਜਨਤਕ ਥਾਵਾਂ ਜਾਂ ਹੋਰ ਨਗਰ ਨਿਗਮ ਦੀਆਂ ਜਾਇਦਾਦਾਂ ’ਤੇ ਕਬਜ਼ਾ ਨਾ ਕਰਨ। ਨਗਰ ਨਿਗਮ ਨੇ ਦੁਹਰਾਇਆ ਹੈ ਕਿ ਨਿਯਮਾਂ ਦੀ ਉਲੰਘਣਾ ਕਰਦਿਆਂ ਕਿਸੇ ਵੀ ਵਿਅਕਤੀ ਜਾਂ ਵਪਾਰਕ ਅਦਾਰੇ ਨੂੰ ਜਨਤਕ ਜਾਂ ਨਗਰ ਨਿਗਮ ਦੀ ਜਾਇਦਾਦ ਦੀ ਨਿੱਜੀ ਲਾਭ ਲਈ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।