ਗੁਰਪੁਰਬ ਸਮਾਗਮਾਂ ਦੇ ਮੱਦੇਨਜ਼ਰ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਮੁਹਿੰਮ
ਅੰਮ੍ਰਿਤਸਰ, 20 ਨਵੰਬਰ (ਹਰਮਿੰਦਰ ਸਿੰਘ)-ਗੁਰਪੁਰਬ ਸਮਾਗਮਾਂ ਦੇ ਮੱਦੇਨਜ਼ਰ ਅਤੇ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਦੀ ਸੁਖਾਲੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਏ ਗਏ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।
ਅੰਮ੍ਰਿਤਸਰ, 20 ਨਵੰਬਰ (ਹਰਮਿੰਦਰ ਸਿੰਘ)-ਗੁਰਪੁਰਬ ਸਮਾਗਮਾਂ ਦੇ ਮੱਦੇਨਜ਼ਰ ਅਤੇ ਸ਼ਰਧਾਲੂਆਂ ਤੇ ਸ਼ਹਿਰ ਵਾਸੀਆਂ ਦੀ ਸੁਖਾਲੀ ਆਵਾਜਾਈ ਨੂੰ ਯਕੀਨੀ ਬਣਾਉਣ ਲਈ, ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ ਦੇ ਪ੍ਰਮੁੱਖ ਇਲਾਕਿਆਂ ਵਿਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੜਕਾਂ ਅਤੇ ਫੁੱਟਪਾਥਾਂ ਤੋਂ ਨਜਾਇਜ਼ ਕਬਜ਼ੇ ਹਟਾਏ ਗਏ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੀ ਗਈ। ਇਸ ਮੁਹਿੰਮ ਨੂੰ ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਨੇਪਰੇ ਚਾੜ੍ਹਿਆ ਗਿਆ, ਜਦਕਿ ਜ਼ਮੀਨੀ ਪੱਧਰ ’ਤੇ ਕਾਰਵਾਈ ਦੀ ਅਗਵਾਈ ਇੰਸਪੈਕਟਰ ਅਮਨ ਕੁਮਾਰ ਅਤੇ ਪ੍ਰੀਤੀ ਚੌਹਾਨ ਨੇ ਕੀਤੀ। ਮੁਹਿੰਮ ਦੌਰਾਨ, ਅਸਟੇਟ ਵਿਭਾਗ ਦੀਆਂ ਟੀਮਾਂ ਨੇ ਸਿਟੀ ਸੈਂਟਰ, ਜਹਾਜ਼ਗੜ੍ਹ ਅਤੇ ਸ਼ਹਿਰ ਦੇ ਕਈ ਹੋਰ ਭੀੜ-ਭੜੱਕੇ ਵਾਲੇ ਹਿੱਸਿਆਂ ਸਮੇਤ ਪ੍ਰਮੁੱਖ ਵਪਾਰਕ ਅਤੇ ਆਵਾਜਾਈ ਕੇਂਦਰਾਂ ਵਿਚ ਸੜਕਾਂ ਤੇ ਪੈਦਲ ਚੱਲਣ ਵਾਲੇ ਰਸਤਿਆਂ ’ਤੇ ਲਗਾਏ ਗਏ ਅਣਅਧਿਕਾਰਤ ਸਟਾਲਾਂ, ਰੇਹੜੀਆਂ ਅਤੇ ਸਾਮਾਨ ਨੂੰ ਹਟਾਇਆ। ਕਬਜ਼ੇ ਹਟਾਉਣ ਦੇ ਨਾਲ-ਨਾਲ ਜਨਤਕ ਥਾਵਾਂ ’ਤੇ ਵਿਘਨ ਪਾਉਣ ਵਾਲੇ ਆਦਤਨ ਉਲੰਘਣਾ ਕਰਨ ਵਾਲਿਆਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮੰਤਵ ਗੁਰਪੁਰਬ ਸਮਾਗਮਾਂ ਦੌਰਾਨ ਹੋਣ ਵਾਲੀ ਭਾਰੀ ਭੀੜ ਤੋਂ ਪਹਿਲਾਂ ਮੁੱਖ ਸੜਕਾਂ ਨੂੰ ਜਾਮ ਮੁਕਤ ਕਰਨਾ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਦੁਕਾਨਦਾਰਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਫੁੱਟਪਾਥਾਂ ਅਤੇ ਸੜਕਾਂ ਦੇ ਕਿਨਾਰਿਆਂ ’ਤੇ ਮੁੜ ਕਬਜ਼ਾ ਨਾ ਕਰਨ ਦੀ ਸਖ਼ਤ ਚੇਤਾਵਨੀ ਦਿੱਤੀ ਗਈ ਹੈ। ਨਗਰ ਨਿਗਮ ਨੇ ਸਪੱਸ਼ਟ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਖ਼ਤ ਕਾਰਵਾਈ ਅਤੇ ਚਲਾਨ ਕੱਟਣ ਦੀ ਪ੍ਰਕਿਰਿਆ ਜਾਰੀ ਰਹੇਗੀ।