ਸੁਖਰਾਜ ਸਿੰਘ ਦੇ ਕਤਲ ਅਤੇ ਤਿੰਨ ਨੌਜਵਾਨਾਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਵਿਚ ਭਾਜਪਾ ਹਲਕਾ ਇੰਚਾਰਜ ਹਰਜੀਤ ਸਿੰਘ ਦੀ ਅਗਵਾਈ ਵਿਚ ਧਰਨਾ
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਤਰਨ ਤਾਰਨ ਵਿਖੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨ ਸੁਖਰਾਜ ਸਿੰਘ ਦਾ ਕਤਲ ਕਰਨ ਅਤੇ ਉਸਦੇ ਤਿੰਨ ਹੋਰ ਸਾਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਮੰਦਭਾਗੀ ਘਟਨਾ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਦੇ ਬਾਹਰ ਲਗਾਤਾਰ ਤਿੰਨ ਘੰਟੇ ਜ਼ੋਰਦਾਰ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਸੁਖਰਾਜ ਸਿੰਘ ਦੀ ਲਾਸ਼ ਸੜਕ ਉੱਤੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਗਈ।
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)–ਤਰਨ ਤਾਰਨ ਵਿਖੇ ਦਿਨ-ਦਿਹਾੜੇ ਗੋਲੀਆਂ ਚਲਾ ਕੇ ਨੌਜਵਾਨ ਸੁਖਰਾਜ ਸਿੰਘ ਦਾ ਕਤਲ ਕਰਨ ਅਤੇ ਉਸਦੇ ਤਿੰਨ ਹੋਰ ਸਾਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਮੰਦਭਾਗੀ ਘਟਨਾ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਹਲਕਾ ਇੰਚਾਰਜ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਸਿਵਲ ਹਸਪਤਾਲ ਤਰਨ ਤਾਰਨ ਦੇ ਬਾਹਰ ਲਗਾਤਾਰ ਤਿੰਨ ਘੰਟੇ ਜ਼ੋਰਦਾਰ ਧਰਨਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਸੁਖਰਾਜ ਸਿੰਘ ਦੀ ਲਾਸ਼ ਸੜਕ ਉੱਤੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਹਲਕਾ ਤਰਨ ਤਾਰਨ ਦੇ ਇੰਚਾਰਜ ਹਰਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਭੁੱਲਰ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਧਰਨਾਕਾਰੀਆਂ ਵਲੋਂ ਪੰਜਾਬ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸੰਧੂ ਨੇ ਕਿਹਾ ਕਿ ਸੁਖਰਾਜ ਸਿੰਘ ਦਾ ਕਤਲ ਬਹੁਤ ਹੀ ਦੁਖਦਾਈ ਘਟਨਾ ਹੈ, ਜਿਸਨੇ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਾਪਰ ਰਹੀਆਂ ਗੋਲੀਬਾਰੀ, ਕਤਲ ਅਤੇ ਗੈਂਗਸਟਰਵਾਦ ਨਾਲ ਜੁੜੀਆਂ ਘਟਨਾਵਾਂ ਆਮ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਚਿੰਤਾ ਪੈਦਾ ਕਰਦੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਸੰਧੂ ਨੇ ਕਿਹਾ ਕਿ ਪੀੜਤ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਅਨੁਸਾਰ ਇਸ ਘਟਨਾ ਤੋਂ ਪਹਿਲਾਂ ਵੀ ਸਬੰਧਤ ਵਿਵਾਦ ਬਾਰੇ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਉਸ ਉੱਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਿਵਾਰ ਦੀਆਂ ਪਹਿਲਾਂ ਦਿੱਤੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਕਿਸੇ ਪੁਲਿਸ ਅਧਿਕਾਰੀ ਦੀ ਅਣਗਹਿਲੀ ਸਾਬਤ ਹੁੰਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਭਾਜਪਾ ਆਗੂਆਂ ਮੁਤਾਬਕ ਪੁਲਿਸ ਪ੍ਰਸ਼ਾਸਨ ਵਲੋਂ ਪਹਿਲਾਂ ਪੀੜਤ ਪਰਿਵਾਰ ਨੂੰ ਜ਼ੁਬਾਨੀ ਤੌਰ ਉੱਤੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਗਿਆ, ਪਰ ਪਰਿਵਾਰ ਅਤੇ ਧਰਨਾਕਾਰੀਆਂ ਨੇ ਸਿਰਫ਼ ਭਰੋਸਿਆਂ ਦੀ ਬਜਾਏ ਠੋਸ ਕਾਰਵਾਈ ਦੀ ਮੰਗ ਉੱਤੇ ਜ਼ੋਰ ਦਿੱਤਾ। ਹਰਜੀਤ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਲਗਾਤਾਰ ਤਿੰਨ ਘੰਟੇ ਚੱਲੇ ਧਰਨੇ ਅਤੇ ਪੀੜਤ ਪਰਿਵਾਰ ਦੀਆਂ ਮੰਗਾਂ ਤੋਂ ਬਾਅਦ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਵਿਰਦੀ ਨੂੰ ਲਾਈਨ ਹਾਜ਼ਰ ਕੀਤਾ ਗਿਆ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਤੇ ਐੱਫ.ਆਈ.ਆਰ. ਦਰਜ ਕਰਨ ਦੀ ਕਾਰਵਾਈ ਹੋਈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੀੜਤ ਪਰਿਵਾਰ ਦੇ ਸੰਘਰਸ਼ ਦਾ ਮਹੱਤਵਪੂਰਨ ਪੜਾਅ ਹੈ, ਪਰ ਅਸਲ ਇਨਸਾਫ਼ ਦੋਸ਼ੀਆਂ ਦੀ ਗ੍ਰਿਫ਼ਤਾਰੀ ਅਤੇ ਕਾਨੂੰਨੀ ਕਾਰਵਾਈ ਪੂਰੀ ਹੋਣ ਨਾਲ ਹੀ ਮਿਲੇਗਾ। ਸੰਧੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੀੜਤ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਸਿਰਫ਼ ਤਿੰਨ ਘੰਟਿਆਂ ਦੇ ਧਰਨੇ ਤੱਕ ਸੀਮਤ ਨਹੀਂ ਰਹੇਗਾ। ਜਦੋਂ ਤੱਕ ਸੁਖਰਾਜ ਸਿੰਘ ਦੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ, ਉਦੋਂ ਤੱਕ ਪਾਰਟੀ ਪਰਿਵਾਰ ਦੀ ਇਨਸਾਫ਼ ਦੀ ਮੰਗ ਦਾ ਸਮਰਥਨ ਕਰਦੀ ਰਹੇਗੀ। ਇਸ ਮੌਕੇ ਸੰਧੂ ਨੇ ਕਿਹਾ ਕਿ ਇੱਕ ਨੌਜਵਾਨ ਪੁੱਤਰ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਨੂੰ ਢੁਕਵੀਂ ਆਰਥਿਕ ਸਹਾਇਤਾ ਦਿੱਤੀ ਜਾਵੇ ਅਤੇ ਗੋਲੀਬਾਰੀ ਵਿੱਚ ਜ਼ਖ਼ਮੀ ਹੋਏ ਤਿੰਨ ਨੌਜਵਾਨਾਂ ਦੇ ਇਲਾਜ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਮਾਮਲੇ ਦੀ ਜਾਂਚ ਤੇਜ਼ੀ ਨਾਲ ਮੁਕੰਮਲ ਕਰਕੇ ਸਾਰੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਧਰਨੇ ਵਿਚ ਭਾਰਤੀ ਜਨਤਾ ਪਾਰਟੀ ਦੇ ਪ੍ਰਦੇਸ਼ ਕਾਰਜਕਾਰਨੀ ਕਮੇਟੀ ਮੈਂਬਰ ਰਮਨਦੀਪ ਸਿੰਘ ਭਰੋਵਾਲ, ਜ਼ਿਲ੍ਹਾ ਜਨਰਲ ਸਕੱਤਰ ਦਿਨੇਸ਼ ਜੋਸ਼ੀ, ਸੁਰਜੀਤ ਸਿੰਘ ਸਾਗਰ, ਜ਼ਿਲ੍ਹਾ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਸਿੰਦਬਾਦ ਅਤੇ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬੰਟੀ ਨੇ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕੀਤੀ।