ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 87.5 ਕਰੋੜ ਰੁਪਏ ਮੁੱਲ ਦੀ 17.5 ਕਿੱਲੋ ਹੈਰੋਇਨ ਬਰਾਮਦ
ਅਜਨਾਲਾ, ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵਲੋਂ ਡੀ. ਐੱਸ.
ਅਜਨਾਲਾ, ਅੰਮ੍ਰਿਤਸਰ, 23 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਰੇਸ਼ਮ ਸਿੰਘ)-ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵਲੋਂ ਡੀ.ਐੱਸ.ਪੀ. ਇੰਦਰਦੀਪ ਸਿੰਘ ਦੀ ਅਗਵਾਈ ਹੇਠ ਵੱਡੀ ਸਫਲਤਾ ਹਾਸਿਲ ਕਰਦਿਆਂ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ, ਜਿਸ ਵਿਚ ਇਕ ਨਾਬਾਲਗ ਵੀ ਸ਼ਾਮਿਲ ਹੈ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਦੇ ਕਬਜ਼ੇ ਵਿਚੋਂ 17.5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਜਿਸ ਦੀ ਇਕ ਕੌਮਾਂਤਰੀ ਬਾਜ਼ਾਰ ਵਿਚ ਕੀਮਤ 87.5 ਕਰੋੜ ਰੁਪਏ ਬਣਦੀ ਹੈ। ਇਸ ਸਬੰਧੀ ‘ਅਜੀਤ’ ਨਾਲ ਹੋਰ ਜਾਣਕਾਰੀ ਸਾਂਝੀ ਕਰਦਿਆਂ ਤਫਤੀਸ਼ੀ ਅਧਿਕਾਰੀ ਸਬ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਨਰਾਇਣਗੜ੍ਹ ਦੇ ਤਿੰਨ ਨੌਜਵਾਨ ਅਰੁਣ ਉਰਫ ਰਹਿਮਤ ਅਤੇ ਰਾਹੁਲ ਸਿੰਘ ਤੇ ਇਕ ਨਬਾਲਗ ਨੌਜਵਾਨ ਜੋ ਕਿ ਹੈਰੋਇਨ ਤਸਕਰੀ ਦਾ ਧੰਦਾ ਕਰਦੇ ਹਨ ਅਤੇ ਹਾਲ ਹੀ ਵਿਚ ਇਨ੍ਹਾਂ ਵਲੋਂ ਹੈਰੋਇਨ ਦੀ ਇਕ ਵੱਡੀ ਖੇਪ ਪ੍ਰਾਪਤ ਕੀਤੀ ਹੈ, ਅੱਜ ਉਹ ਉਕਤ ਹੈਰੋਇਨ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਅਜਨਾਲਾ ਅੰਮ੍ਰਿਤਸਰ ਮੁੱਖ ਮਾਰਗ ਤੇ ਸਥਿਤ ਅੱਡਾ ਮਹਿਲ ਬੁਖਾਰੀ ਵੱਲ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਇਤਲਾਹ ਤੋਂ ਬਾਅਦ ਪੁਲਿਸ ਪਾਰਟੀ ਵਲੋਂ ਤੁਰੰਤ ਅਜਨਾਲਾ ਨੇੜਲੇ ਪਿੰਡ ਮਹਿਰ ਬੁਖਾਰੀ ਨਜ਼ਦੀਕ ਛਾਪਾਮਾਰੀ ਕਰਕੇ ਮੋਟਰਸਾਈਕਲ ’ਤੇ ਆ ਰਹੇ ਉਕਤ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੀਲੇ ਰੰਗ ਦੇ ਤੋੜੇ ਵਿਚ ਪਈ 17.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਨ੍ਹਾਂ ਤਿੰਨਾਂ ਨੌਜਵਾਨਾਂ ਦੇ ਮੋਬਾਈਲ ਵੀ ਕਬਜ਼ੇ ਵਿਚ ਲਏ ਗਏ ਹਨ ਅਤੇ ਉਨ੍ਹਾਂ ਦੀ ਲੈਬੋਰਟਰੀ ਤੋਂ ਜਾਂਚ ਕਰਵਾ ਕੇ ਪਤਾ ਲਗਾਇਆ ਜਾਵੇਗਾ ਕਿ ਇਹ ਹੈਰੋਇਨ ਉਨ੍ਹਾਂ ਗੁਆਂਢੀ ਮੁਲਕ ਪਾਕਿਸਤਾਨ ਤੋਂ ਕਿਸ ਕੋਲੋਂ ਮੰਗਵਾਈ ਸੀ। ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਹੈਰੋਇਨ ਬਰਾਮਦਗੀ ਸੰਬੰਧੀ ਨਾਬਾਲਗ ਨੌਜਵਾਨ ਤੋਂ ਇਲਾਵਾ ਅਰੁਣ ਅਤੇ ਰਾਹੁਲ ਸਿੰਘ ਖ਼ਿਲਾਫ਼ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਦੀਆਂ ਪਿਛਲੀਆਂ ਤੇ ਅਗਲੀਆਂ ਕੜੀਆਂ ਦਾ ਪਤਾ ਲਗਾਇਆ ਜਾ ਸਕੇ। ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਵਲੋਂ ਸਾਲ 2026 ਵਿਚ ਹੁਣ ਤੱਕ ਲਗਭਗ 300 ਕਿੱਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਉਧਰ ਪ੍ਰਾਪਤ ਸੂਚਨਾ ਅਨੁਸਾਰ ਇਹ ਵੀ ਪਤਾ ਲਗਾ ਹੈ ਇਕ ਪੁਲਿਸ ਵਲੋਂ ਕੀਤੀ ਗਈ ਮੁੱਢਲੀ ਜਾਂਚ ਅਨੁਸਾਰ ਇਹ ਤਿੰਨੇ ਮੁਲਜ਼ਮ ਕਥਿਤ ਤੌਰ ’ਤੇ ਭਾਰਤ-ਪਾਕਿਸਤਾਨ ਸਰਹੱਦ ਦੇ ਅਜਨਾਲਾ ਸੈਕਟਰ ਰਾਹੀਂ ਪਾਕਿਸਤਾਨ ਵਾਲੇ ਪਾਸਿਓਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਦੇ ਸਨ ਅਤੇ ਅੱਗੇ ਹੋਰ ਵਿਅਕਤੀਆਂ ਤੱਕ ਸਪਲਾਈ ਕਰਦੇ ਸਨ। ਪੁਲਿਸ ਵਲੋਂ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਜਾਰੀ ਹੈ। ਇਸ ਮੌਕੇ ਸਬ ਇੰਸਪੈਕਟਰ ਜਗਦੀਪ ਸਿੰਘ, ਸਬ ਇੰਸਪੈਕਟਰ ਜਗਜੀਤ ਸਿੰਘ, ਏ.ਐੱਸ.ਆਈ ਸ਼ਮਸ਼ੇਰ ਸਿੰਘ, ਏ.ਐੱਸ.ਆਈ ਹਰਪਾਲ ਸਿੰਘ, ਏ.ਐੱਸ.ਆਈ ਅਵਤਾਰ ਸਿੰਘ ਅਤੇ ਹੌਲਦਾਰ ਸਿਮਰਨ ਸਿੰਘ, ਕੰਨਵਰਪਾਲ ਸਿੰਘ, ਅਵਤਾਰ ਸਿੰਘ ਅਤੇ ਕੀਮਤ ਸਿੰਘ ਆਦਿ ਮੌਜੂਦ ਸਨ।