ਤਰਨ ਤਾਰਨ, 31 ਦਸੰਬਰ (ਹਰਿੰਦਰ ਸਿੰਘ)- ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ ਪੰਜ ਗ੍ਰਾਮ ਪੰਚਾਇਤਾਂ ਕਾਜੀਕੋਟ, ਨਾਲਾਗੜ੍ਹ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ ਪੰਜ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਸਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ | ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨ ਤਾਰਨ ਦੀਆਂ ਚਾਰ ਗ੍ਰਾਮ ਪੰਚਾਇਤਾਂ ਕਾਜੀਕੋਟ, ਨਾਲਾਗੜ੍ਹ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3 ਤੱਕ ਦਾਖ਼ਲ ਕੀਤੇ ਜਾ ਸਕਣਗੇ | 9 ਜਨਵਰੀ ਦਿਨ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 18 ਜਨਵਰੀ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਉਪਰੋਕਤ ਗ੍ਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਓਥੇ ਹੀ ਪੋਲਿੰਗ ਸੈਂਟਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣਾਂ ਮੁਕੰਮਲ ਹੋਣ ਤੱਕ ਸਬੰਧਿਤ ਗਰਾਂਮ ਪੰਚਾਇਤਾਂ ਦੇ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ |