ਭਿੱਖੀਵਿੰਡ, 3 ਜਨਵਰੀ (ਬੌਬੀ)- ਪੰਜਾਬ ਯੂਥ ਵਿੰਗ ਦੇ ਸਟੇਟ ਜੁਆਇੰਟ ਸੈਕਟਰੀ ਅਤੇ ਪਿੰਡ ਸਾਂਡਪੁਰਾ ਤੋਂ ਸਰਪੰਚ ਪਲਵਿੰਦਰ ਸਿੰਘ ਸਿੱਧੂ ਵਲੋਂ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਦੌਰਾਨ ਪੰਜਾਬ ਦੇ ਨੌਜਵਾਨਾਂ ਦੀ ਭਲਾਈ, ਖੇਡਾਂ ਦੇ ਵਿਕਾਸ, ਪਿੰਡਾਂ ਵਿਚ ਯੂਥ ਕਲੱਬਾਂ ਦੀ ਭੂਮਿਕਾ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਰਪੰਚ ਪਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਗਾਂਹਵਧੂ ਅਤੇ ਲੋਕ-ਹਿੱਤਕਾਰੀ ਨੀਤੀਆਂ ਕਾਰਨ ਅੱਜ ਯੂਥ ਕਲੱਬ ਪਿੰਡਾਂ ਵਿਚ ਸਰਗਰਮੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿਚ ਪਿੰਡਾਂ ਦੇ ਅੰਦਰ ਨਵੇਂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਅਤੇ ਮੌਜੂਦਾ ਖੇਡ ਮੈਦਾਨਾਂ ਨੂੰ ਅਧੁਨਿਕ ਸੁਵਿਧਾਵਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਰਪੰਚ ਪਲਵਿੰਦਰ ਸਿੰਘ ਸਿੱਧੂ ਨੇ ਇਹ ਵੀ ਦੱਸਿਆ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ, ਜੋ ਪਿਛਲੇ ਸਮੇਂ ਦੌਰਾਨ ਕਾਫੀ ਪੱਛੜਿਆ ਹੋਇਆ ਮੰਨਿਆ ਜਾਂਦਾ ਸੀ, ਉੱਥੇ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਖੇਡ ਢਾਂਚੇ ਦਾ ਵਿਕਾਸ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਖੇਮਕਰਨ ਹਲਕੇ ਵਿਚ ਪਹਿਲਾਂ ਹੀ ਲਗਪਗ 40 ਨਵੇਂ ਖੇਡ ਗਰਾਊਾਡ ਤਿਆਰ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਵੀ ਖੇਡ ਗਰਾਊਾਡ ਬਣਾਏ ਜਾਣਗੇ, ਤਾਂ ਜੋ ਸਰਹੱਦੀ ਖੇਤਰ ਦੇ ਨੌਜਵਾਨਾਂ ਨੂੰ ਖੇਡਾਂ ਲਈ ਪੂਰੇ ਮੌਕੇ ਪ੍ਰਦਾਨ ਹੋ ਸਕਣ | ਸਰਪੰਚ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਕਰਨਾ ਅਤੇ ਉਨ੍ਹਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਵੱਲ ਪ੍ਰੇਰਿਤ ਕਰਨਾ ਹੈ | ਇਸ ਲਈ ਪਿੰਡ ਪੱਧਰ 'ਤੇ ਖੇਡ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ, ਤਾਂ ਜੋ ਨੌਜਵਾਨ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ | ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਜਨਵਰੀ ਮਹੀਨੇ ਵਿਚ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦੇ ਬੀਮੇ ਵਾਲੀ ਸਿਹਤ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ |