ਅੰਮਿ੍ਤਸਰ, 3 ਜਨਵਰੀ (ਜਸਵੰਤ ਸਿੰਘ ਜੱਸ)-ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਤੇ ਸਾਬਕਾ ਆਈ. ਏ. ਐੱਸ. ਅਧਿਕਾਰੀ ਡਾ: ਜਗਮੋਹਨ ਸਿੰਘ ਰਾਜੂ ਨੇ ਕਿਹਾ ਹੈ ਕਿ ਆਪ ਪਾਰਟੀ ਅਤੇ ਕਾਂਗਰਸ ਵੀਬੀ-ਜੀ ਰਾਮ ਜੀ ਯੋਜਨਾ ਬਾਰੇ ਝੂਠਾ ਪ੍ਰਚਾਰ ਕਰ ਰਹੀਆਂ ਹਨ | ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਰਾਜੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਇਸ ਯੋਜਨਾ ਨਾਲ ਕਾਂਗਰਸ ਦੀ ਸਮੱਸਿਆ ਇਹ ਹੈ ਕਿ ਪੰਜਾਬ ਸਰਕਾਰ ਅਤੇ ਇਸਦੇ ਸਮਰਥਕਾਂ ਨੂੰ ਹੁਣ ਇਸ ਯੋਜਨਾ ਤੋਂ ਫੰਡ ਨਹੀਂ ਮਿਲਣਗੇ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਲੱਖਾਂ ਕਮਜ਼ੋਰ, ਪਛੜੇ, ਮਜ਼ਦੂਰ ਅਤੇ ਦਲਿਤ ਪਰਿਵਾਰਾਂ ਨੂੰ ਮਨਰੇਗਾ ਅਧੀਨ ਕਾਨੂੰਨੀ ਤੌਰ 'ਤੇ 100 ਦਿਨਾਂ ਦਾ ਰੁਜ਼ਗਾਰ ਨਹੀਂ ਦਿੱਤਾ ਹੈ | ਅਜਿਹਾ ਕਰਕੇ, ਉਨ੍ਹਾਂ ਨੇ ਸੰਭਾਵੀ ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਨੌਕਰੀ ਦੀ ਗਰੰਟੀ ਤੋਂ ਵਾਂਝਾ ਕੀਤਾ ਹੈ ਤੇ ਉਨ੍ਹਾਂ ਦੇ ਮਾਣ ਅਤੇ ਸਵੈ-ਮਾਣ ਨੂੰ ਵੀ ਠੇਸ ਪਹੁੰਚਾਈ ਹੈ | ਡਾ. ਰਾਜੂ ਨੇ ਕਿਹਾ ਕਿ ਪਹਿਲਾਂ, ਮਨਰੇਗਾ ਸਕੀਮ ਤਹਿਤ, ਮਜ਼ਦੂਰਾਂ ਨੂੰ 100 ਦਿਨ ਦਾ ਕੰਮ ਦਿੱਤਾ ਜਾਂਦਾ ਸੀ, ਪਰ ਹੁਣ, ਵੀਬੀ ਜੀ-ਰਾਮ-ਜੀ ਨਾਮ ਬਦਲਣ ਤੋਂ ਬਾਅਦ, ਮਜ਼ਦੂਰਾਂ ਨੂੰ 125 ਦਿਨ ਦਾ ਰੁਜ਼ਗਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ, ਮਨਰੇਗਾ ਮਜ਼ਦੂਰਾਂ ਨੂੰ ਉਨ੍ਹਾਂ ਦੀ ਮਜ਼ਦੂਰੀ 15 ਦਿਨਾਂ ਦੇ ਅੰਦਰ ਮਿਲਣੀ ਚਾਹੀਦੀ ਹੈ, ਜਦੋਂ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ 45-60 ਦਿਨਾਂ ਦੇ ਅੰਦਰ ਭੁਗਤਾਨ ਕਰਦੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਕੋਲ 300 ਕਰੋੜ ਦੀ ਬਕਾਇਆ ਰਕਮ ਹੈ | ਡਾ. ਰਾਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਪੇਂਡੂ ਰੁਜ਼ਗਾਰ, ਗ੍ਰਾਮ ਪੰਚਾਇਤਾਂ ਦੀਆਂ ਸ਼ਕਤੀਆਂ ਅਤੇ ਮਜ਼ਦੂਰਾਂ ਦੀ ਸੁਰੱਖਿਆ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਨੇ ਮੰਗ-ਅਧਾਰਤ ਰੁਜ਼ਗਾਰ ਨੂੰ ਕਮਜ਼ੋਰ ਨਹੀਂ ਕੀਤਾ ਹੈ, ਸਗੋਂ ਇਸ ਨੂੰ ਹੋਰ ਵਧਾਉਣ ਲਈ ਕੰਮ ਕੀਤਾ ਹੈ | ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਸਾਥੀਆਂ ਸਮੇਤ ਡਾ. ਰਾਜੂ ਨੂੰ ਸ਼ਾਲ ਅਤੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨਤ ਕੀਤਾ | ਇਸ ਮੌਕੇ ਜਸਪਾਲ ਸਿੰਘ ਸ਼ੰਟੂ, ਸਤਪਾਲ ਡੋਗਰਾ, ਗੁਰਮੁਖ ਸਿੰਘ ਬੱਲ, ਆਦਰਸ਼ ਸ਼ਰਮਾ ਆਦਿ ਵੀ ਹਾਜ਼ਰ ਸਨ |