ਤਰਨ ਤਾਰਨ, 4 ਜਨਵਰੀ (ਹਰਿੰਦਰ ਸਿੰਘ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ 5 ਜਨਵਰੀ 2026 ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ 4 ਪੰਚਾਇਤਾਂ ਕਾਜ਼ੀਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਉਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ | ਇਸ ਦੇ ਨਾਲ ਹੀ 5 ਜਨਵਰੀ ਤੋਂ ਇਨ੍ਹਾਂ ਪੰਚਾਇਤਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਅਮਲ ਸ਼ੁਰੂ ਹੋ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜ਼ਿਲ੍ਹਾ ਤਰਨ ਤਾਰਨ ਦੀਆਂ 4 ਪੰਚਾਇਤਾਂ ਦੀਆਂ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਜਿਸ ਸੰਬੰਧੀ 5 ਜਨਵਰੀ 2026 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ | ਉਨ੍ਹਾਂ ਦੱਸਿਆ ਕਿ ਇਹ ਚੋਣ ਬਲਾਕ ਤਰਨ ਤਾਰਨ ਦੀਆਂ ਤਿੰਨ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਬਲਾਕ ਭਿੱਖੀਵਿੰਡ ਦੀ ਇਕ ਪੰਚਾਇਤ ਮਾੜੀ ਕੰਬੋਕੇ ਵਿਖੇ ਹੋਵੇਗੀ | ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਨ੍ਹਾਂ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੇਪਰ 5 ਜਨਵਰੀ 2026 ਤੋਂ 8 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਤੱਕ ਦਾਖ਼ਲ ਕੀਤੇ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 9 ਜਨਵਰੀ 2026 ਦਿਨ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਹੋਵੇਗੀ ਅਤੇ 10 ਜਨਵਰੀ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ | ਉਨ੍ਹਾਂ ਦੱਸਿਆ ਕਿ 18 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਉਪਰੋਕਤ ਗਰਾਮ ਪੰਚਾਇਤਾਂ ਲਈ ਵੋਟਾਂ ਪੈਣਗੀਆਂ | ਉਨ੍ਹਾਂ ਕਿਹਾ ਕਿ ਵੋਟਾਂ ਪੈਣ ਤੋਂ ਬਾਅਦ ਓਥੇ ਹੀ ਪੋਲਿੰਗ ਸੈਂਟਰਾਂ ਵਿਚ ਵੋਟਾਂ ਦੀ ਗਿਣਤੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ 5 ਜਨਵਰੀ 2025 ਨੂੰ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਚੋਣਾਂ ਮੁਕੰਮਲ ਹੋਣ ਤੱਕ ਸੰਬੰਧਿਤ ਪੰਚਾਇਤਾਂ ਦੇ ਖੇਤਰ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ ਰਹੇਗਾ |