ਤਰਨ ਤਾਰਨ, 4 ਜਨਵਰੀ (ਹਰਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ | ਇਸ ਸੰਬੰਧੀ ਸਿਹਤ ਵਿਭਾਗ ਵਲੋਂ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ ਅਤੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ | ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ ਮਾਨ ਸਰਕਾਰ ਵਲੋਂ ਹੁਣ ਦੁੱਗਣਾ ਕਰ ਦਿੱਤਾ ਗਿਆ ਹੈ | ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 15 ਜਨਵਰੀ 2026 ਨੂੰ ਇਸ ਯੋਜਨਾ ਦੀ ਰਸਮੀ ਸ਼ੁਰੂਆਤ ਕਰਨਗੇ | ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ, ਜਿਸ ਵਿਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਯੋਜਨਾ ਦੇ ਦਾਇਰੇ 'ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ ਹਨ | ਸਿਰਫ਼ ਆਧਾਰ ਅਤੇ ਵੋਟਰ ਆਈ.ਡੀ. ਦੀ ਵਰਤੋਂ ਕਰਕੇ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ਼) ਰਾਹੀਂ ਰਜਿਸਟ੍ਰੇਸ਼ਨ ਨੂੰ ਸਰਲ ਅਤੇ ਪਹੁੰਚਯੋਗ ਬਣਾਇਆ ਗਿਆ ਹੈ, ਜਿਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐਮ.ਐਮ. ਐਸ.ਵਾਈ. ਸਿਹਤ ਕਾਰਡ ਪ੍ਰਾਪਤ ਹੋਣਗੇ | ਉਨ੍ਹਾਂ ਕਿਹਾ ਕਿ ਪ੍ਰਿਕਿਰਆ ਨੂੰ ਸੁਚਾਰੂ ਬਣਾਉਣ ਲਈ ਜਲਦੀ ਹੀ ਇਕ ਹੈਲਪਲਾਈਨ ਵੀ ਸ਼ੁਰੂ ਕੀਤੀ ਜਾਵੇਗੀ | ਵਿਧਾਇਕ ਹਰਮੀਤ ਸਿੰਘ ਸੰਧੂ ਨੇ ਦੱਸਿਆ ਕਿ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ, ਜਿਸਦੀ ਚੋਣ ਤਾਮਿਲਨਾਡੂ ਸਮੇਤ ਹੋਰ ਰਾਜਾਂ ਵਿਚ ਬਿਹਤਰੀਨ ਸਿਹਤ ਬੀਮਾ ਯੋਜਨਾਵਾਂ ਨੂੰ ਲਾਗੂ ਕਰਨ ਵਿਚ ਚੰਗੇ ਟਰੈਕ ਰਿਕਾਰਡ ਨੂੰ ਦੇਖਦਿਆਂ ਕੀਤੀ ਗਈ ਹੈ, ਵਲੋਂ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 1,00,000 ਦਾ ਸਿਹਤ ਕਵਰ ਪ੍ਰਦਾਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ 1,00,000 ਤੋਂ 10,00,000 ਰੁਪਏ ਦੇ ਦਰਮਿਆਨ ਇਲਾਜ ਦੀਆਂ ਲੋੜਾਂ ਸਬੰਧੀ ਸਟੇਟ ਹੈਲਥ ਏਜੰਸੀ (ਐਸ.ਐਚ.ਏ.), ਪੰਜਾਬ ਦੁਆਰਾ ਟਰੱਸਟ ਦੇ ਆਧਾਰ 'ਤੇ ਬੀਮਾ ਪ੍ਰਦਾਨ ਕੀਤਾ ਜਾਵੇਗਾ | ਵਿਧਾਇਕ ਸੰਧੂ ਨੇ ਅੱਗੇ ਦੱਸਿਆ ਕਿ ਇਹ ਸਕੀਮ ਨਵੀਨ ਸਿਹਤ ਲਾਭ ਪੈਕੇਜ (ਐਚ.ਬੀ.ਪੀ. 2.2) ਨੂੰ ਅਪਣਾਉਂਦੀ ਹੈ, ਜੋ 2000 ਤੋਂ ਵੱਧ ਚੁਣੇ ਇਲਾਜ ਪੈਕੇਜਾਂ ਰਾਹੀਂ ਵਿਆਪਕ ਕਵਰੇਜ ਨੂੰ ਯਕੀਨੀ ਬਣਾਉਂਦੀ ਹੈ | ਇਸ ਯੋਜਨਾ ਤਹਿਤ ਲਾਭਪਾਤਰੀ 824 ਸੂਚੀਬੱਧ ਹਸਪਤਾਲਾਂ ਦੇ ਇਕ ਮਜ਼ਬੂਤ ਨੈੱਟਵਰਕ ਤੱਕ ਪਹੁੰਚ ਕਰਕੇ ਸੈਕੰਡਰੀ ਅਤੇ ਟਰਸ਼ਰੀ ਸਿਹਤ ਸੰਭਾਲ ਸੇਵਾਵਾਂ ਹਾਸਲ ਕਰ ਸਕਦੇ ਹਨ, ਜਿਨ੍ਹਾਂ ਵਿਚ ਮੌਜੂਦਾ ਸਮੇਂ 212 ਸਰਕਾਰੀ ਹਸਪਤਾਲ, ਭਾਰਤ ਸਰਕਾਰ ਅਧੀਨ ਅੱਠ ਹਸਪਤਾਲ ਅਤੇ 600 ਤੋਂ ਵੱਧ ਨਿੱਜੀ ਹਸਪਤਾਲ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਸ ਯੋਜਨਾ ਅਧੀਨ ਸੂਚੀਬੱਧ ਹਸਪਤਾਲਾਂ ਦੀ ਗਿਣਤੀ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ |