ਤਰਨ ਤਾਰਨ, 4 ਜਨਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਵਲੋਂ ਹੈਰੋਇਨ, ਨਾਜਾਇਜ਼ ਸ਼ਰਾਬ, ਡਰੱਗ ਮਨੀ ਅਤੇ ਹਰੋ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਜਸਪਾਲ ਸਿੰਘ ਨੇ ਗਸ਼ਤ ਦੌਰਾਨ ਖਡੂਰ ਸਾਹਿਬ ਨੇੜਿਓਾ ਸਮਸ਼ਾਨਘਾਟ ਵਿਚ ਦੋ ਵਿਅਕਤੀਆਂ ਨੂੰ ਨਸ਼ੇ ਦਾ ਸੇਵਨ ਕਰਦੇ ਹੋਏ ਗਿ੍ਫਤਾਰ ਕੀਤਾ ਹੈ, ਜਿੰਨਾਂ ਕੋਲੋਂ ਇਕ ਪੰਨੀ ਪਾਈਪ, ਲਾਈਟਰ, 10 ਰੁਪਏ ਦਾ ਨੋਟ ਬਰਾਮਦ ਹੋਇਆ | ਫੜੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਾਲ ਸਿੰਘ ਪੁੱਤਰ ਦਿਆਲ ਸਿੰਘ ਅਤੇ ਅਨਮੋਲਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਖਡੂਰ ਸਾਹਿਬ ਵਜੋਂ ਹੋਈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਏ.ਐਸ.ਆਈ. ਨਿਸ਼ਾਨ ਸਿੰਘ ਗਸ਼ਤ ਦੇ ਦੌਰਾਨ ਇੰਡਸਟਰੀ ਏਰੀਆ ਨੂੰ ਜਾ ਰਹੇ ਸਨ ਤਾਂ ਸਾਹਮਣੇ ਤੋਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਉਸ ਨੂੰ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 12.55 ਗ੍ਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਰਾਜਬੀਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਢੋਟਾ ਵਜੋਂ ਹੋਈ | ਥਾਣਾ ਕੱਚਾ ਪੱਕਾ ਦੇ ਏ.ਐਸ.ਆਈ. ਸੁਖਵਿੰਦਰ ਸਿੰਘ ਅੱਡਾ ਦਿਆਲਪੁਰਾ ਵਿਖੇ ਪੁਲਿਸ ਪਾਰਟੀ ਸਮੇਤ ਮੌਜੂਦ ਸਲ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਬਲਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਦਿਆਲਪੁਰਾ ਘਰ ਵਿਚ ਸ਼ਰਾਬ ਕੱਢ ਕੇ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਪੁਲਿਸ ਪਾਰਟੀ ਵਲੋਂ ਬਲਜੀਤ ਸਿੰਘ ਦੇ ਘਰ ਛਾਪਾ ਮਾਰਕੇ ਉਸ ਦੇ ਕਬਜ਼ੇ ਵਿਚੋਂ 5250 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਕਤ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ.ਐਸ.ਆਈ. ਅਮਰਜੀਤ ਸਿੰਘ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸੰਬੰਧ ਵਿਚ ਮੜੀਆਂ ਪਿੰਡ ਵਲਟੋਹਾ ਵਿਖੇ ਮੌਜੂਦ ਸਨ ਤਾਂ ਇਕ ਮੋਨਾ ਨੌਜਵਾਨ ਮੜੀਆਂ ਅੰਦਰ ਹੈਰੋਇਨ ਪੀ ਰਿਹਾ ਸੀ, ਜਿਸ ਨੂੰ ਪੁਲਿਸ ਵਲੋਂ ਕਾਬੂ ਕਰਕੇ ਉਸ ਕੋਲੋਂ ਇਕ ਸਿਲਵਰ ਪੰਨੀ ਪੇਪਰ, ਜਿਸ ਉਪਰ ਹੈਰੋਇਨ ਲੱਗੀ ਹੋਈ ਸੀ, ਲਾਈਟਰ ਅਤੇ 10 ਰੁਪਏ ਦਾ ਨੋਟ ਬਰਾਮਦ ਕੀਤਾ | ਫੜੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਕਰਮ ਸਿੰਘ ਵਾਸੀ ਭੂਰਾ ਕੂਹਨਾ ਵਜੋਂ ਹੋਈ | ਥਾਣਾ ਵਲਟੋਹਾ ਦੇ ਹੀ ਏ.ਐਸ.ਆਈ. ਬਖ਼ਸ਼ੀਸ ਸਿੰਘ ਨੇ ਗਸ਼ਤ ਦੌਰਾਨ ਪੁਲ ਡਰੇਨ ਪਿੰਡ ਲਾਖਣਾ ਦੇ ਕੋਲੋਂ ਸੁੱਖਾ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪਿੰਡ ਲਾਖਣਾ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 6750 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਸਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਦਲੇਰ ਸਿੰਘ ਉਰਫ਼ ਦਲੇਰਾ ਪੁੱਤਰ ਗੁਰਮੀਤ ਸਿੰਘ ਵਾਸੀ ਭਗਵਾਨ ਪੁਰਾ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਅਤੇ 2200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਥਾਣਾ ਹਰੀਕੇ ਦੇ ਐਸ.ਐਚ.ਓ. ਸਬ ਇੰਸਪੈਕਟਰ ਬਲਬੀਰ ਸਿੰਘ ਨੇ ਗਸ਼ਤ ਦੌਰਾਨ ਦਾਣਾ ਮੰਡੀ ਹਰੀਕੇ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਮੋਮੀ ਲਿਫਾਫਾ ਸੁੱਟ ਕੇ ਤੇਜ਼ ਕਦਮੀ ਅੱਗੇ ਤੁਰਨ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦ ਉਸ ਵਲੋਂ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਤਾਂ ਉਸ ਵਿਚੋਂ 9 ਗ੍ਰਾਮ 54 ਮਿ.ਲੀ. ਗ੍ਰਾਮ ਹੈਰੋਇਨ ਅਤੇ 770 ਰੁਪਏ ਡਰੱਗ ਮਨੀ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਕਨਾਲ ਕਲੋਨੀ ਹਰੀਕੇ ਵਜੋਂ ਹੋਈ | ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਸਾਰੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿਚ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |