ਪੱਟੀ, 5 ਜਨਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਲਗਾਤਾਰ ਦਿ੍ੜ੍ਹਤਾ ਨਾਲ ਕੰਮ ਕਰ ਰਹੀ ਹੈ | ਨਸ਼ਾ ਮੁਕਤ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਲਈ ਸਰਕਾਰ ਵਲੋਂ ਕੁੱਲ 467.49 ਲੱਖ ਰੁਪਏ ਖਰਚ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ, ਲੋਕਾਂ ਨੂੰ ਸੰਵੇਦਨਸ਼ੀਲ ਬਣਾਉਣ ਅਤੇ ਸਮਾਜਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਲੋਂ ਆਪਸੀ ਤਾਲਮੇਲ ਨਾਲ ਵਿਸਤਿ੍ਤ ਯੋਜਨਾਬੰਦੀ ਤਹਿਤ ਕਈ ਕਾਰਜਕ੍ਰਮ ਉਲੀਕੇ ਗਏ ਹਨ | ਉਨ੍ਹਾਂ ਕਿਹਾ ਕਿ ਖ਼ਾਸ ਤੌਰ 'ਤੇ ਬੱਚਿਆਂ ਅਤੇ ਅਧਿਆਪਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਸਕੂਲਾਂ ਅਤੇ ਸਿੱਖਿਆ ਸੰਸਥਾਵਾਂ ਵਿਚ ਵੱਖ-ਵੱਖ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਕੇ ਲਾਗੂ ਕੀਤੇ ਗਏ ਹਨ, ਜਿਨ੍ਹਾਂ ਲਈ ਵਿੱਤੀ ਸਰੋਤ ਵੀ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ ਮੁਕਤ ਮੁਹਿੰਮ ਤਹਿਤ 107.22 ਲੱਖ ਰੁਪਏ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਵਿਆਪਕ ਜਨ-ਜਾਗਰੂਕਤਾ ਗਤੀਵਿਧੀਆਂ ਲਈ 202.99 ਲੱਖ ਰੁਪਏ, ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਸੂਬੇ ਦੇ ਸਮੂਹ ਜ਼ਿਲਿ੍ਹਆਂ ਵਿਚ ਜਾਗਰੂਕਤਾ ਕੈਂਪ ਲਗਾਉਣ ਲਈ 109.12 ਲੱਖ ਰੁਪਏ ਖਰਚ ਕੀਤੇ ਗਏ ਹਨ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਦੀ ਸਭ ਤੋਂ ਵੱਡੀ ਮਾਰ ਸੂਬੇ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ 'ਤੇ ਪੈਂਦੀ ਹੈ | ਕਈ ਮਾਵਾਂ ਆਪਣੇ ਪੁੱਤਰਾਂ ਦੇ ਭਵਿੱਖ ਲਈ ਹਰ ਰੋਜ਼ ਦੁਆਵਾਂ ਕਰਦੀਆਂ ਹਨ, ਕਈ ਬੱਚੇ ਆਪਣੇ ਪਿਤਾ ਦੀਆਂ ਅੱਖਾਂ ਵਿਚੋਂ ਉਮੀਦ ਮੁੱਕਦੀ ਹੋਈ ਵੇਖਦੇ ਹਨ ਅਤੇ ਕਈ ਘਰਾਂ ਦੀਆਂ ਖੁਸ਼ੀਆਂ ਨਸ਼ਿਆਂ ਦੀ ਭੇਟ ਚੜ੍ਹ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਦਰਦ ਨੂੰ ਡੂੰਘਾਈ ਨਾਲ ਸਮਝਦੀ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਲੜਾਈ ਨੂੰ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਮਨੁੱਖੀ ਅਤੇ ਸੰਵੇਦਨਸ਼ੀਲ ਦਿ੍ਸ਼ਟੀਕੋਣ ਨਾਲ ਅੱਗੇ ਵਧਾ ਰਹੀ ਹੈ |