ਤਰਨ ਤਾਰਨ, 5 ਜਨਵਰੀ (ਪਰਮਜੀਤ ਜੋਸ਼ੀ)-ਕੇਂਦਰੀ ਜੇਲ੍ਹ ਗੋਇੰਦਵਾਲ ਵਿਚ ਚੈਕਿੰਗ ਦੌਰਾਨ ਤਿੰਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਸਮਾਨ ਬਰਾਮਦ ਹੋਣ ਦੇ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ ਹਵਾਲਾਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਜੰਟ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 4 ਜਨਵਰੀ ਨੂੰ ਚੈਕਿੰਗ ਦੌਰਾਨ ਹਵਾਲਾਤੀ ਗੁਰਕੀਰਤ ਸਿੰਘ ਉਰਫ ਘੁੱਗੀ ਪੁੱਤਰ ਦਰਸ਼ਨ ਸਿੰਘ ਵਾਸੀ ਸ਼ੇਰੋਂ ਪਾਸੋਂ 1 ਫੋਨ ਟੱਚ ਫੋਨ ਅਤੇ 1 ਕੀਪੈਡ ਮੋਬਾਈਲ ਫੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਜੇਲ੍ਹ ਦੇ ਸਹਾਇਕ ਸੁਪਰਡੈਂਟ ਲਖਵੀਰ ਸਿੰਘ ਨੇ ਥਾਣਾ ਗੋਇੰਦਵਾਲ ਪੁਲਿਸ ਨੂੰ ਲਿਖਤੀ ਸ਼ਿਕਾਇਤ ਕੀਤੀ ਕਿ 6 ਨਵੰਬਰ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਸੰਦੀਪ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਪਿੰਡ ਮੱਝੂਪੁਰ ਤਰਨ ਤਾਰਨ ਅਤੇ ਅਜੈਦੀਪ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਦਲੇਹੀ ਖਾਲੜਾ ਤਰਨ ਤਾਰਨ ਪਾਸੋਂ 1 ਟੱਚ ਮੋਬਾਈਲ ਫੋਨ, 6 ਚਾਰਜਰ, 44 ਬੀੜੀ ਬੰਡਲ, 3 ਸਿਗਰੇਟ ਪੈਕੇਟ, ਹੀਟਰ ਸਪਰਿੰਗ, 40 ਤੰਬਾਕੂ ਪੁੜੀਆਂ ਬਰਾਮਦ ਕੀਤੀਆਂ ਹਨ |