ਤਰਨ ਤਾਰਨ, 6 ਜਨਵਰੀ (ਹਰਿੰਦਰ ਸਿੰਘ)-ਸੂਬਾ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਤਰਨ ਤਾਰਨ ਵਿਚ 10 ਜਨਵਰੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਇਹ ਦੂਜਾ ਪੜਾਅ ਸ਼ੁਰੂ ਹੋਵੇਗਾ, ਜਿਸ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ ਰੋਜ਼ਾਨਾ 20 ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ | 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨਸ਼ਾ ਮੋਕਤੀ ਮੋਰਚੇ ਦੇ ਬਲਾਕ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੋਨੀਆ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ 7 ਜਨਵਰੀ ਤੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਤੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਦੂਜੇ ਪੜਾਅ ਸ਼ੁਰੂਆਤ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਉਸ ਤੋਂ ਬਾਅਦ 8 ਜਨਵਰੀ ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸਾਰੇ ਬਲਾਕ ਕੋਆਰਡੀਨੇਟਰਾਂ ਵਲੋਂ ਹਲਕਾ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਨਸ਼ਾ ਮੁਕਤੀ ਯਾਤਰਾਵਾਂ ਦੀ ਰੂਪਰੇਖਾ ਉਲੀਕੀ ਜਾਵੇਗੀ | ਉਨ੍ਹਾਂ ਕਿਹਾ ਕਿ 10 ਜਨਵਰੀ ਤੋਂ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਹਲਕੇ ਦੇ ਰੋਜ਼ਾਨਾ 20 ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ ਜਾਣਗੀਆਂ, ਜਿਸ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾਵੇਗਾ | ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਮਾਨ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਆਮ ਲੋਕਾਂ ਦੇ ਸਹਿਯੋਗ ਨਾਲ ਕਾਮਯਾਬ ਕੀਤਾ ਜਾਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਨਸ਼ਾ ਮੁਕਤੀ ਮੁਹਿੰਮ ਵਿਚ ਆਪਣਾ ਪੂਰਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਜਿਸ ਵੀ ਪਿੰਡ ਵਿਚ ਨਸ਼ਾ ਮੁਕਤੀ ਯਾਤਰਾ ਹੋਣੀ ਹੈ, ਉਸ ਪਿੰਡ ਵਿਚ ਇਕ ਦਿਨ ਪਹਿਲਾਂ ਮੁਨਾਦੀ ਕਰਵਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾ ਕੇ ਕਾਮਯਾਬ ਕੀਤਾ ਜਾਵੇਗਾ | ਇਸ ਮੌਕੇ ਐੱਸ.ਡੀ.ਐੱਮ. ਤਰਨ ਤਾਰਨ ਗੁਰਮੀਤ ਸਿੰਘ, ਐੱਸ.ਡੀ.ਐੱਮ. ਭਿੱਖੀਵਿੰਡ-ਪੱਟੀ ਸਿਮਰਨਜੀਤ ਸਿੰਘ, ਐੱਸ.ਡੀ.ਐੱਮ. ਖਡੂਰ ਸਾਹਿਬ ਸੰਜੀਵ ਸ਼ਰਮਾ, ਡੀ.ਡੀ.ਪੀ.ਓ. ਪਿਆਰ ਸਿੰਘ ਖ਼ਾਲਸਾ ਤੇ ਹੋਰ ਅਧਿਕਾਰੀ ਅਤੇ ਵੱਖ-ਵੱਖ ਬਲਾਕਾਂ ਨੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਵੀ ਹਾਜ਼ਰ ਸਨ |