ਮਜੀਠਾ, 6 ਜਨਵਰੀ (ਜਗਤਾਰ ਸਿੰਘ ਸਹਿਮੀ)-ਨਵ ਨਿਯੁਕਤ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐੱਸਪੀ) ਸਬ ਡਿਵੀਜ਼ਨ ਮਜੀਠਾ ਕਮਲਮੀਤ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲਦਿਆਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੁਲਾਕਾਤ ਕੀਤੀ ਅਤੇ ਇਲਾਕੇ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ | ਚਾਰਜ ਸੰਭਾਲ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐੱਸਪੀ ਕਮਲਮੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣਾ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਹੋਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਨੀਤੀ ਅਨੁਸਾਰ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਪੁਲਿਸ ਨੂੰ ਸੂਚਿਤ ਕਰਨ ਅਤੇ ਪੁਲਿਸ ਦਾ ਸਹਿਯੋਗ ਕਰਨ | ਡੀਐਸਪੀ ਨੇ ਅੱਗੇ ਕਿਹਾ ਕਿ ਮਜੀਠਾ ਸਬ ਡਿਵੀਜ਼ਨ ਵਿਚ ਟਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਅਤੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ | ਉਨ੍ਹਾਂ ਨੇ ਅÏਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੀ ਵਚਨਬੱਧਤਾ ਦੁਹਰਾਈ | ਇਸ ਮੌਕੇ ਰੀਡਰ ਤਰਲੋਕ ਸਿੰਘ, ਹੋਰ ਪੁਲਿਸ ਮੁਲਾਜ਼ਮ ਅਤੇ ਸਥਾਨਕ ਲੋਕ ਹਾਜ਼ਰ ਸਨ |