ਪੱਟੀ, 6 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ | ਹਲਕਾ ਪੱਟੀ ਵਿਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਭੁੱਲਰ ਵਲੋਂ ਮੰਗਲਵਾਰ ਨੂੰ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗ੍ਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ | ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹੀ ਵਿਕਾਸ ਕੀਤਾ ਸੀ ਅਤੇ ਹਲਕੇ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਛੱਡਿਆ ਸੀ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਟੀ ਵਿਚ ਦਹਾਕਿਆਂ ਤੋਂ ਪੈਡਿੰਗ ਪਏ ਕੰਮਾਂ ਨੂੰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਸੜਕਾਂ ਨੂੰ ਅਪਗ੍ਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ ਹਨ ਇਹ ਕਈ ਦਹਾਕਿਆਂ ਤੋਂ ਟੁੱਟੀਆਂ ਹੋਈਆਂ ਸਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੁੱਖ ਤਕਲੀਫ਼ ਤੋਂ ਭਲੀਭਾਂਤ ਜਾਣੂ ਹੈ ਅਤੇ ਇਹੀ ਕਾਰਨ ਹੈ ਕਿ ਮਾਨ ਸਰਕਾਰ ਵਲੋਂ ਲੋਕ ਹਿੱਤ ਦੇ ਕਾਰਜ ਪਹਿਲ ਦੇ ਅਧਾਰ 'ਤੇ ਕੀਤੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਹਰੀਕੇ ਦੇ ਚੇਅਰਮੈਨ ਦਿਲਬਾਗ ਸਿੰਘ, ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋਂ, ਸੋਸ਼ਲ ਮੀਡੀਆ ਇੰਚਾਰਜ ਮੋਹਿਤ ਅਰੋੜਾ, ਐਡਵੋਕੇਟ ਮਨਦੀਪ ਸਿੰਘ ਭੁੱਲਰ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਵੱਡੀ ਗਿਣਤੀ ਵਿਚ ਮੁਹਤਬਰ ਹਾਜ਼ਰ ਸਨ |