ਪੱਟੀ, 24 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਨਾਲ ਹਰੇਕ ਪਰਿਵਾਰ ਆਪਣਾ ਦੱਸ ਲੱਖ ਰੁਪਏ ਤੱਕ ਦਾ ਆਪਣਾ ਇਲਾਜ ਮੁਫ਼ਤ ਕਰਵਾ ਸਕਣਗੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਚੇਅਰਮੈਨ ਪੰਜਾਬ ਜਲ ਸਰੋਤ ਨਿਗਮ ਅਤੇ ਇੰਚਾਰਜ ਲੋਕ ਸਭਾ ਹਲਕਾ ਖਡੂਰ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਚੇਅਰਮੈਨ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਆਦਾਤਰ ਪੰਜਾਬ ਦੇ ਗਰੀਬ ਪਰਿਵਾਰ ਮਹਿੰਗੇ ਇਲਾਜ ਕਰਵਾਉਣ ਤੋਂ ਸਮਰੱਥ ਰਹਿ ਜਾਂਦੇ ਸਨ | ਪੰਜਾਬ ਸਰਕਾਰ ਵਲੋਂ ਸਿਹਤ ਬੀਮਾ ਯੋਜਨਾ ਦਾ ਲੋਕ ਹਿੱਤ ਵਿਚ ਲਿਆ ਫੈਸਲਾ ਇੱਕ ਇਤਿਹਾਸਿਕ ਫੈਸਲਾ ਹੈ | ਜਿਸ ਦੇ ਚੱਲਦਿਆਂ ਪੰਜਾਬ ਦੇ ਹਰੇਕ ਪਰਿਵਾਰ ਨੂੰ ਇਕ ਸਾਲ ਵਿਚ ਦੱਸ ਲੱਖ ਰੁਪਏ ਦੀ ਸਿਹਤ ਬੀਮਾ ਸਹੂਲਤ ਮਿਲੇਗੀ | ਚੇਅਰਮੈਨ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਿਹਤ ਬੀਮਾ ਯੋਜਨਾ ਸਬੰਧੀ ਯੂਨਾਈਟਿਡ ਇੰਡੀਆ ਇੰਸੋਰੇਸ ਕੰਪਨੀ ਨਾਲ ਸਮਝੌਤਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਿਹਤ ਬੀਮਾਂ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾਂਦੇ ਰਹੇ ਪੰਜ ਲੱਖ ਰੁਪਏ ਕੁਝ ਖਾਸ ਸ਼੍ਰੇਣੀਆਂ ਤੱਕ ਸੀਮਤ ਸੀ ਪਰ ਮਾਨ ਸਰਕਾਰ ਵਲੋਂ ਇਸ ਸਕੀਮ ਦੀ ਰਾਸ਼ੀ ਦੁੱਗਣੀ ਕਰਨ ਦੇ ਨਾਲ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਮੁੱਚੇ ਨਿਵਾਸੀਆਂ ਨੂੰ ਪ੍ਰਤੀ ਪਰਿਵਾਰ ਹਰੇਕ ਸਾਲ ਦੱਸ ਲੱਖ ਰੁਪਏ ਤੱਕ ਨਗਦੀ ਰਹਿਤ ਇਲਾਜ ਪ੍ਰਦਾਨ ਕਰਨਾ ਹੈ | ਚੀਮਾ ਨੇ ਦੱਸਿਆ ਕਿ ਇਹ ਯੋਜਨਾ ਪੂਰੀ ਤਰ੍ਹਾਂ ਬਰਾਬਰੀ ਦੇ ਸਿਧਾਂਤ ਤੇ ਤਿਆਰ ਕੀਤੀ ਗਈ ਹੈ, ਜਿਸ ਵਿਚ ਕੋਈ ਆਮਦਨ ਸੀਮਾ ਜਾਂ ਕਿਸੇ ਨੂੰ ਇਹ ਯੋਜਨਾ ਦੇ ਦਾਇਰੇ 'ਚੋਂ ਬਾਹਰ ਰੱਖਣ ਦੇ ਮਾਪਦੰਡ ਨਹੀਂ | ਉਨ੍ਹਾ ਦੱਸਿਆ ਕਿ ਆਧਾਰ ਕਾਰਡ, ਵੋਟਰ ਆਈ.ਡੀ ਦੀ ਵਰਤੋਂ ਕਰਕੇ ਕਮਾਡ ਸਰਵਿਸ ਸੈਂਟਰ (ਸੀ.ਐੱਸ.ਸੀਜ਼) ਰਾਹੀਂ ਰਜਿਸਟਰੇਸ਼ਨ ਨੂੰ ਸਰਲ ਅਤੇ ਪਹੁੰਚਣ ਯੋਗ ਬਣਾਇਆ ਗਿਆ ਹੈ | ਇਸ ਤੋਂ ਬਾਅਦ ਲਾਭਪਾਤਰੀਆਂ ਨੂੰ ਸਮਰਪਿਤ ਐੱਮ.ਐੱਸ. ਐੱਫ.ਵਾਈ ਸਿਹਤ ਕਾਰਡ ਪ੍ਰਾਪਤ ਹੋਣਗੇ | ਇਸ ਮੌਕੇ ਸੁਖਦੇਵ ਸਿੰਘ ਕਿਰਤੋਵਾਲ, ਸਰਬਦੀਪ ਸਿੰਘ ਕੈਰੋ, ਹਰਰੂਪ ਸਿੰਘ ਸੰਧੂ ਅਸਟ੍ਹੇਲੀਆ ਹਾਜ਼ਰ ਸਨ |