ਤਰਨ ਤਾਰਨ, 24 ਜਨਵਰੀ (ਹਰਿੰਦਰ ਸਿੰਘ)- 26 ਜਨਵਰੀ ਨੂੰ ਦੇਸ਼ ਦੇ 77 ਵੇਂ ਗਣਤੰਤਰ ਦਿਵਸ ਮੌਕੇ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ, ਜਿਸਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ (ਜਨਰਲ) ਡਾ. ਕਰਨਵੀਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ, ਉਪਰੰਤ ਉਨ੍ਹਾਂ ਵਲੋਂ ਪਰੇਡ ਦਾ ਮੁਆਇਨਾ ਕੀਤਾ ਗਿਆ | ਇਸ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਮਹਿਲਾ ਪੁਲਿਸ, ਪੰਜਾਬ ਹੋਮਗਾਰਡ, ਐਨ.ਸੀ.ਸੀ. ਕੈਡਿਟਸ, ਪੰਜਾਬ ਪੁਲਿਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਨੇ ਮਾਰਚ ਪਾਸਟ ਵਿਚ ਹਿੱਸਾ ਲਿਆ | ਇਸ ਪਰੇਡ ਦੀ ਅਗਵਾਈ ਐੱਸ.ਆਈ. ਪ੍ਰਗਟ ਸਿੰਘ ਵਲੋਂ ਕੀਤੀ ਗਈ | ਉਪਰੰਤ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੇ ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਪਰੇਡ ਦੇ ਨਿਰੀਖਣ ਤੋਂ ਬਾਅਦ ਉਨ੍ਹਾਂ ਵਲੋਂ ਆਪਣਾ ਸੰਦੇਸ਼ ਦਿੱਤਾ ਜਾਵੇਗਾ ਅਤੇ ਇਸ ਤੋਂ ਬਾਅਦ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਮੌਕੇ ਮੁੱਖ ਮਹਿਮਾਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਵੱਖ-ਵੱਖ ਸੁਰੱਖਿਆ ਸੈਨਾਵਾਂ ਵਿਚ ਸੇਵਾ ਨਿਭਾਉਂਦਿਆਂ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ ਸਾਈਕਲਾਂ ਦੀ ਵੰਡ ਵੀ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ 77 ਵੇਂ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਤਿਆਰੀਆਂ ਮੁਕੰਮਲ ਹਨ ਅਤੇ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਗਮ ਪੁਲਿਸ ਸਟੇਡੀਅਮ ਤਰਨ ਤਾਰਨ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ ਸ਼ਾਨਦਾਰ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਾਵੇਗੀ | ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਗਣਤੰਤਰ ਦਿਵਸ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ | ਇਸੇ ਦੌਰਾਨ ਐੱਸ.ਐੱਸ.ਪੀ. ਤਰਨ ਤਾਰਨ ਸੁਰਿੰਦਰ ਲਾਂਭਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਐੱਸ.ਪੀਜ ਅਤੇ ਡੀ.ਐੱਸ.ਪੀਜ਼ ਸੁਰੱਖਿਆ ਪੱਖੋਂ ਨਿਗਰਾਨੀ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸੁਚਾਰੂ ਢੰਗ ਨਾਲ ਟਰੈਫਿਕ ਪ੍ਰਬੰਧ ਵੀ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ |