ਤਰਨ ਤਾਰਨ, 25 ਜਨਵਰੀ (ਇਕਬਾਲ ਸਿੰਘ ਸੋਢੀ)-ਸਿਹਤ ਵਿਭਾਗ ਦੀ ਸਿਰਮੌਰ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਲਈ ਮੋਰਚਾ ਖੋਲ੍ਹ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਅਤੇ ਜ਼ਿਲ੍ਹਾ ਪ੍ਰਧਾਨ ਤਰਨ ਤਾਰਨ ਨੇ ਦੱਸਿਆ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੇ ਸੰਦਰਭ ਵਿਚ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਭਰ ਵਿਚ ਐੱਚ.ਆਈ.ਵੀ. ਦੀਆਂ ਸਾਰੀਆਂ ਸੇਵਾਵਾਂ ਦਵਾਈ ਦੇਣ, ਟੈਸਟਿੰਗ, ਕਾਊਾਸਲਿੰਗ, ਨਸ਼ੇ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ, ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਇਲਾਵਾ ਬਲੱਡ ਸੈਂਟਰਾਂ ਦੇ ਕਰਮਚਾਰੀ ਮਿਤੀ 29 ਜਨਵਰੀ ਨੂੰ ਸਵੇਰੇ ਦੋ ਘੰਟੇ ਲਈ ਹਰ ਤਰ੍ਹਾਂ ਦੀ ਸੇਵਾ ਠੱਪ ਕਰਕੇ ਆਪੋ ਆਪਣੇ ਸੈਂਟਰਾਂ ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨਗੇ | ਜ਼ਿਲ੍ਹਾ ਆਗੂ ਹਰਜੀਤ ਸਿੰਘ ਨੇ ਕਿਹਾ ਕਿ ਇਸ ਤੋਂ ਬਾਅਦ ਵਿਚ ਹਰ ਤਰ੍ਹਾਂ ਦੀ ਰਿਪੋਰਟਿੰਗ ਬੰਦ ਕੀਤੀ ਜਾਵੇਗੀ ਅਤੇ ਸਾਰੇ ਸਰਕਾਰੀ ਸਮਾਗਮਾਂ ਦਾ ਬਾਈਕਾਟ ਕੀਤਾ ਜਾਵੇਗਾ | ਜੇਕਰ ਫੇਰ ਵੀ ਮੰਗਾਂ ਨਹੀਂ ਮੰਨੀਆਂ ਤਾਂ ਮਿਤੀ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਪੰਜਾਬ ਭਰ ਦੇ ਕਰਮਚਾਰੀ ਰੋਸ ਰੈਲੀ ਕੱਢਣ ਲਈ ਮਜ਼ਬੂਰ ਹੋਣਗੇ, ਜਿਸਦੀ ਸਾਰੀ ਜਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨਾਲ ਅਰਧ ਸੈਂਕੜਾ ਮੀਟਿੰਗਾਂ ਹੋਣ ਦੇ ਬਾਵਜੂਦ ਵੀ ਹਰ ਵਾਰ ਸਹਿਮਤੀ ਦੇ ਬਾਵਜੂਦ ਨਾ ਤਾਂ ਵੋਟਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਤਨਖਾਹ ਵਿਚ ਵੀਹ ਫ਼ੀਸਦੀ ਵਾਧਾ ਹੋਇਆ ਅਤੇ ਨਾ ਹੀ ਵਿਭਾਗੀ ਕਾਰਵਾਈ ਸਿਰੇ ਲੱਗੀਆਂ, ਜਦਕਿ ਕਈ ਵਾਰ ਸਿਹਤ ਸਕੱਤਰ ਵਲੋਂ ਪੰਜਾਬ ਸਰਕਾਰ ਨੰੂ ਪਰਪੋਜਲ ਭੇਜਣ ਲਈ ਲਿਖਿਆ ਵੀ ਗਿਆ | ਯੂਨੀਅਨ ਸਟੇਟ ਵਲੋਂ ਦੱਸਿਆ ਗਿਆ ਕਿ ਇਹ ਸੰਘਰਸ਼ ਸਰਕਾਰ ਵਲੋਂ ਕਰਮਚਾਰੀਆਂ ਨਾਲ ਵਾਅਦਾ ਖਿਲਾਫੀ ਦੇ ਵਿਰੋਧ ਵਿਚ ਪ੍ਰਦਰਸ਼ਨ ਮੰਗਾਂ ਮੰਨੇ ਜਾਣ ਤਕ ਜਾਰੀ ਰਹਿਣਗੇ, ਹਾਲਾਂਕਿ ਇਹ ਸਰਕਾਰ ਦੀ ਚਾਰ ਸਾਲ ਤਕ ਕਰਮਚਾਰੀ ਹੱਕਾਂ ਲਈ ਉਡੀਕ ਕੀਤੀ ਗਈ ਹੈ, ਪਰ ਹੁਣ ਪਾਣੀ ਸਿਰ ਉਪਰੋਂ ਲੰਘ ਗਿਆ ਹੈ | ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਵਿੱਢੇ ਗਏ ਸੰਘਰਸ਼ ਨੂੰ ਜ਼ਿਲ੍ਹਾ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੀਟਿੰਗ ਵਿਚ ਹਾਜ਼ਰ ਹੋਕੇ ਹਰ ਹਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ |