ਤਰਨ ਤਾਰਨ, 4 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ.ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਝਬਾਲ ਦੇ ਏ.ਐੱਸ.ਆਈ. ਜਤਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਣਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਭੁੱਚਰ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਨਹਿਰ ਸੰਘੇ ਨਜ਼ਦੀਕ ਨਾਕਾਬੰਦੀ ਦੌਰਾਨ ਗੁਰਲਾਲ ਸਿੰਘ ਪੁੱਤਰ ਰਣਜੋਧ ਸਿੰਘ ਵਾਸੀ ਪਿੰਡ ਮਾਲਚੱਕ, ਇੰਦਰਜੀਤ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਭੁੱਲਰ, ਮਨਪ੍ਰੀਤ ਸਿੰਘ ਪੁੱਤਰ ਮਨਜਿੰਦਰ ਸਿੰਘ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਅਰਜਨ ਸਿੰਘ ਨੇ ਗਸ਼ਤ ਦੌਰਾਨ ਹਰਪਾਲ ਸਿੰਘ ਪੁੱਤਰ ਪਾਲ ਸਿੰਘ ਵਾਸੀ ਮੁੰਡਾਪਿੰਡ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ 78 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੁਖਦੇਵ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਘਰ ਵਿਚੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |