ਤਰਨ ਤਾਰਨ, 4 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿਚ ਬੱਸ ਡਰਾਈਵਰ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਵਲਟੋਹਾ ਵਿਖੇ ਦਲੇਰ ਸਿੰਘ ਪੁੱਤਰ ਬਚਨ ਸਿੰਘ ਵਾਸੀ ਅਲਗੋ ਕੋਠਈ ਨੇ ਸ਼ਿਕਾਇਤ ਦਰਜ ਕਰਵਾਈ ਕਿ 31 ਜਨਵਰੀ ਨੂੰ ਮੇਰਾ ਭਰਾ ਸੁਖਵੰਤ ਸਿੰਘ ਮੋਟਰਸਾਈਕਲ ਉਪਰ ਸਵਾਰ ਹੋ ਕੇ ਰਿਹਾ ਸੀ ਤਾਂ ਸੈਕਰੈਡ ਹਾਰਟ ਕਾਨਵੈਂਟ ਸਕੂਲ ਦੀ ਬੱਸ ਨੰਬਰ ਪੀ.ਬੀ., 46 ਐੱਮ. 8046 ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਉਸਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੇ ਭਰਾ ਦੇ ਕਾਫੀ ਸੱਟਾਂ ਲੱਗ ਗਈਆਂ, ਜਿਸ ਨੂੰ ਤੁਰੰਤ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਖਵੰਤ ਸਿੰਘ ਨੂੰ ਮਿ੍ਤਕ ਕਰਾਰ ਦੇ ਦਿੱਤਾ | ਥਾਣਾ ਵਲਟੋਹਾ ਦੇ ਏ.ਐੱਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬੱਸ ਡਰਾਈਵਰ ਹਰਵਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਡਿੱਬੀਪੁਰਾ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |