ਤਰਨ ਤਾਰਨ, 5 ਫਰਵਰੀ (ਇਕਬਾਲ ਸਿੰਘ ਸੋਢੀ)ਜ਼ਿਲਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਦੇਸੀ ਪਿਸਤੌਲ 32 ਬੋਰ ਸਮੇਤ 3 ਕਾਰਤੂਸ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਦੁਬਲੀ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨਾਂ ਇਕ ਬਿਨਾਂ ਨੰਬਰ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਜਿਸ ਦਾ ਨਾਮ ਵਿਸ਼ਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਚਾਟੀਵਿੰਡ ਸੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਦੇਸੀ ਪਿਸਤੌਲ 32 ਬੋਰ ਸਮੇਤ 3 ਕਾਰਤੂਸ ਬਰਾਮਦ ਕੀਤੀ ਹੈ | ਉਨਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਖਿਲਾਫ਼ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |