ਤਰਨ ਤਾਰਨ, 5 ਫਰਵਰੀ (ਹਰਿੰਦਰ ਸਿੰਘ)- ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਇਜ਼ਾ ਲਿਆ | ਚੇਅਰਮੈਨ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁ-ਗਿਣਤੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ 'ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਭਲਾਈ ਯੋਜਨਾਵਾਂ ਦਾ ਬਣਦਾ ਲਾਭ ਦੇਣ ਵਿਚ ਢਿੱਲਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਲਈ ਜਨ ਜਾਗਰੂਕਤਾ ਕੀਤੀ ਜਾਵੇ 'ਤੇ ਲੋੜ ਪੈਣ ਤੇ ਵਿਸ਼ੇਸ਼ ਕੈਂਪ ਵੀ ਲਏ ਜਾਣ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਨੂੰ ਜਾਰੀ ਕੀਤੇ ਜਾਂਦੇ ਜਾਤੀ ਸਰਟੀਫਿਕੇਟਾਂ 'ਚ ਵੀ ਲੋਕਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ | ਮੀਟਿੰਗ ਵਿਚ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੰਜੀਵ ਸ਼ਰਮਾ ਨੇ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਅਤੇ ਸਰਟੀਫਿਕੇਟਾਂ 'ਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦੇਵੇਗਾ | ਚੇਅਰਮੈਨ ਥਿੰਦ ਨੇ ਇਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਵੈ ਸੇਵੀ ਗਰੁੱਪਾਂ ਨੂੰ ਦਿੱਤੀ ਜਾਂਦੀ ਸਹਾਇਤਾ, ਪ੍ਰਧਾਨ ਮੰਤਰੀ ਅਵਾਸ਼ ਯੋਜਨਾ (ਗ੍ਰਾਮੀਣ), ਸਹਿਕਾਰਤਾ, ਸਮਾਜਿਕ ਨਿਆਂ ਤੇ ਅਧਿਕਾਰਤਾ, ਸਿੱਖਿਆ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਅਫਸਰ, ਬੀ.ਸੀ ਕਾਰਪੋਰੇਸ਼ਨ, ਲੇਬਰ, ਖੇਤੀਬਾੜੀ ਆਦਿ ਵਿਭਾਗਾਂ ਵਲੋਂ ਪੱਛੜੀਆਂ ਸ਼੍ਰੇਣੀਆਂ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਬੀਤੇ ਇਕ ਵਰ੍ਹੇ ਅੰਦਰ ਦਿੱਤੀਆਂ ਸਹੂਲਤਾਂ ਦੀ ਸਮੀਖਿਆ ਕੀਤੀ | ਉਨ੍ਹਾਂ ਨੇ ਬੱਚਿਆਂ, ਮਹਿਲਾਵਾਂ, ਬਜੁਰਗਾਂ ਸਮੇਤ ਵੱਖ-ਵੱਖ ਉਮਰ ਵਰਗ ਦੇ ਲਾਭਪਾਤਰੀਆਂ ਨੂੰ ਕੇਂਦਰ ਤੇ ਰਾਜ ਸਰਕਾਰ ਦੀਆਂ ਸਕੀਮਾਂ ਦੇ ਵਿਭਾਗੀ ਪੱਧਰ ਉਤੇ ਦਿੱਤੇ ਜਾ ਰਹੇ ਲਾਭਾਂ ਬਾਰੇ ਵੀ ਵਿਸਤਿ੍ਤ ਸਮੀਖਿਆ ਕੀਤੀ ਅਤੇ ਸਪੱਸ਼ਟ ਹਦਾਇਤ ਕੀਤੀ ਕਿ ਪੱਛੜੀਆਂ ਸ੍ਰੇਣੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਲਈ ਇਕਜੁਟ ਹੋ ਕੇ ਯਤਨ ਕੀਤੇ ਜਾਣ | ਮੀਟਿੰਗ ਦੌਰਾਨ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਿਕਰਮਜੀਤ ਸਿੰਘ ਪੁਰੇਵਾਲ, ਸਹਾਇਕ ਡਾਇਰੈਕਟਰ ਮੱਛੀ ਪਾਲਣ ਗੁਰਬੀਰ ਸਿੰਘ, ਡੀ.ਐੱਸ.ਪੀ. ਜਸਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਜਸਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਤੇਜ਼ਬੀਰ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |