ਤਰਨ ਤਾਰਨ, 20 ਫਰਵਰੀ (ਇਕਬਾਲ ਸਿੰਘ ਸੋਢੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੂਸਲੇਵੜ 'ਚੋਂ ਲੋਹੇ ਦੇ ਗਾਡਰ ਚੋਰੀ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਦਰ ਪੱਟੀ ਦੇ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ 18 ਫਰਵਰੀ ਨੂੰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੂਸਲੇਵੜ ਵਿਚ ਜੋ ਚੋਰੀ ਹੋਈ ਹੈ, ਉਹ ਚੋਰੀ ਮਨਜੀਤ ਸਿੰਘ ਪੁੱਤਰ ਸੂਰਤਾ ਸਿੰਘ ਵਾਸੀ ਚੂਸਲੇਵੜ, ਬਲਵੰਤ ਸਿੰਘ ਪੁੱਤਰ ਜੈਮਲ ਸਿੰਘ ਵਾਸੀ ਘੁਰਕਵਿੰਡ ਵਲੋਂ ਕੀਤੀ ਗਈ ਹੈ ਤਾਂ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਲੋਹੇ ਦਾ ਗਾਡਰ ਬਰਾਮਦ ਕਰ ਲਿਆ ਹੈ ਅਤੇ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |