ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ, ਕਿਉਂਕਿ ਆਏ ਦਿਨ ਦਿਨ ਦਿਹਾੜੇ ਹੋ ਰਹੀਆਂ ਕਤਲੋਗਾਰਤ ਦੀਆਂ ਘਟਨਾਵਾਂ ਨੇ ਪੰਜਾਬ ਦੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਕੋਈ ਵੀ ਵਰਗ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਬੀਤੇ ਦਿਨੀਂ ਵਿਆਹ ਸਮਾਗਮ ਦੌਰਾਨ ਕਤਲ ਕੀਤੇ ਗਏ ਪਿੰਡ ਠੱਠੀਆਂ ਮਹੰਤਾਂ ਦੇ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਉਪਰੰਤ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਜਾਨ ਮਾਲ ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਅ ਐਂਡ ਆਰਡਰ ਦਾ ਜਨਾਜ਼ਾ ਨਿਕਲ ਚੁੱਕਾ ਹੈ, ਕਿਉਂਕਿ ਆਏ ਦਿਨ ਆਮ ਲੋਕਾਂ ਅਤੇ ਕਾਰੋਬਾਰੀਆਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਦੀ ਮਿਸਾਲ ਲੰਘੇ ਦਿਨ ਪਿੰਡ ਸ਼ੇਰੋਂ ਵਿਖੇ ਇਕ ਵਿਆਹ ਸਮਾਗਮ ਦੌਰਾਨ ਮੌਜੂਦਾ ਸਰਪੰਚ ਦੀ ਹੱਤਿਆ ਕਰਨ ਤੋਂ ਮਿਲਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸੂਬੇ ਵਿਚ ਗੈਂਗਸਟਰਵਾਦ ਦਾ ਬੋਲਬਾਲ ਬਹੁਤ ਵੱਧ ਚੁੱਕਾ ਹੈ ਅਤੇ ਕੋਈ ਵਰਗ ਸੁਰੱਖਿਅਤ ਨਹੀਂ ਹੈ | ਭੁੱਲਰ ਨੇ ਕਿਹਾ ਕਿ ਸਰਕਾਰ ਦੀਆਂ ਘਟੀਆ ਨੀਤੀਆਂ ਕਰਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ | ਉਨ੍ਹਾਂ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਪਹਿਲਾਂ ਵੀ ਅਜਿਹੀਆਂ ਵਾਰਦਾਤਾਂ ਹੋ ਚੁੱਕੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ, ਚੁੱਪ ਚਾਪ ਬੈਠ ਕੇ ਤਮਾਸ਼ਾ ਵੇਖ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਲਾਤਾਂ ਨੂੰ ਸੁਧਾਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ 'ਜ਼ੀਰੋ' ਹੈ | ਉਨ੍ਹਾਂ ਨੇ ਮੰਗ ਕੀਤੀ ਕਿ ਸਰਪੰਚ ਦੇ ਕਾਤਲਾਂ ਨੂੰ ਜਲਦੀ ਤੋਂ ਜਲਦੀ ਗਿ੍ਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਪੰਜਾਬ ਦੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ | ਇਸ ਮੌਕੇ ਕਾਬਲ ਸਿੰਘ ਖੱਬੇ ਰਾਜਪੂਤਾਂ, ਅੰਗਰੇਜ ਸਿੰਘ ਖੱਬੇ, ਗੁਰਵਿੰਦਰ ਸਿੰਘ ਬੌਬੀ ਤਖਤੁਚੱਕ, ਸੀਮਾ ਸ਼ਰਮਾ, ਗੁਰਮਹਾਵੀਰ ਸਿੰਘ ਸਰਹਾਲੀ, ਨੰਬਰਦਾਰ ਸਕੱਤਰ ਸਿੰਘ, ਲਵਪ੍ਰੀਤ ਸਿੰਘ, ਕਰਮਜੀਤ ਸਿੰਘ, ਗੁਰਬਿੰਦਰ ਸਿੰਘ ਆਦਿ ਹਾਜਰ ਸਨ |