ਫਤਿਆਬਾਦ, 21 ਫਰਵਰੀ (ਹਰਵਿੰਦਰ ਸਿੰਘ ਧੂੰਦਾ )-ਸਥਾਨਕ ਕਸਬੇ ਦੇ ਨਾਮਵਰ ਵਿਦਿਅਕ ਅਦਾਰੇ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਵਿਦਿਆਰਥੀਆਂ ਦੇ ਬੋਰਡ ਇਮਤਿਹਾਨਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਅਤੇ ਉਨ੍ਹਾਂ ਦੇ ਉੱਜਲੇ ਭਵਿੱਖ ਦੀ ਕਾਮਨਾ ਨੂੰ ਮੁੱਖ ਰੱਖਦਿਆਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਇਸ ਅਧਿਆਤਮਿਕ ਸਮਾਗਮ ਦੌਰਾਨ ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕ ਸਾਹਿਬਾਨ ਅਤੇ ਪ੍ਰਬੰਧਕੀ ਕਮੇਟੀ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਵਿਦਿਆਰਥੀਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ, ਜਿਸ ਨਾਲ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਭਗਤੀਮਈ ਹੋ ਗਿਆ | ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਖਾਸ ਕਰਕੇ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਦੀ ਮਾਨਸਿਕ ਇਕਾਗਰਤਾ ਅਤੇ ਵਧੀਆ ਨਤੀਜਿਆਂ ਲਈ ਵਾਹਿਗੁਰੂ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ | ਇਸ ਮੌਕੇ ਸਕੂਲ ਡਾਇਰੈਕਟਰ ਤੇਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਹਨਤ ਦੇ ਨਾਲ-ਨਾਲ ਵਾਹਿਗੁਰੂ ਦਾ ਓਟ ਆਸਰਾ ਲੈਣਾ ਵੀ ਜ਼ਰੂਰੀ ਹੈ | ਅਜਿਹੇ ਉਪਰਾਲੇ ਵਿਦਿਆਰਥੀਆਂ ਦੇ ਅੰਦਰ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਊਰਜਾ ਭਰਦੇ ਹਨ | ਇਸ ਮੌਕੇ ਪ੍ਰਧਾਨ ਸੁਖਵਿੰਦਰ ਕੌਰ , ਸੈਕਟਰੀ ਬਨਵੀਰ ਸਿੰਘ, ਕਮੇਟੀ ਮੈਂਬਰ ਸੰਗੀਤ ਕੌਰ, ਪਿ੍ੰਸੀਪਲ ਸ੍ਰੀਮਤੀ ਨਵਜੋਤੀ ਅਤੇ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸਨ | ਅੰਤ ਵਿਚ ਸਕੂਲ ਪਿ੍ੰਸੀਪਲ ਸ੍ਰੀਮਤੀ ਨਵਜੋਤੀ ਵਲੋਂ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਲਈ ਸ਼ੱੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ |