ਤਰਨ ਤਾਰਨ, 23 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 9 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਲਹੀਆ ਵਿਖੇ ਨਾਕਾਬੰਦੀ ਦੌਰਾਨ ਮੇਜਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਹਿੰਦੀਪੁਰ ਅਤੇ ਵਜੀਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਰਾਜੋਕੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 183 ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਗੰਦਾ ਨਾਲਾ ਮੁਹੱਲਾ ਗੁਰੂ ਕਾ ਖੂਹ ਤਰਨ ਤਾਰਨ ਵਿਖੇ ਨਾਕਾਬੰਦੀ ਦੌਰਾਨ ਰੋਬਿਨ ਪੁੱਤਰ ਮੰਗਤ ਰਾਮ ਵਾਸੀ ਨੂਰਦੀ ਅੱਡਾ ਤਰ ਨਤਾਰਨ ਅਤੇ ਜੈਕਸਨ ਉਰਫ ਕਰਨ ਪੁੱਤਰ ਬਲਦੇਵ ਸਿੰਘ ਵਾਸੀ ਗਲੀ ਕਿਰਪਾ ਸਿੰਘ ਵਾਲੀ ਮੁਹੱਲਾ ਟਾਂਕਕਸ਼ਤਰੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 30 ਗ੍ਰਾਮ ਹੈਰੋਇਨ ਅਤੇ 5370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਪੱਖੋਪੁਰ ਨਜ਼ਦੀਕ ਤੋਂ ਜਸ਼ਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਸਾਜਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀਅਨ ਘੜਕਾ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ 87 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਐੱਸ.ਆਈ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਸੂਆ ਕਿਰਤੋਵਾਲ ਕਲਾਂ ਨਜ਼ਦੀਕ ਗਸ਼ਤ ਦੌਰਾਨ ਗੁਰਜੀਤ ਸਿੰਘ ਪੁੱਤਰ ਤਰਸੇਮ ਸਿੰਘ, ਗੁਰਸੇਵਕ ਸਿੰਘ ਪੁੱਤਰ ਦਿਆਲ ਸਿੰਘ ਵਾਸੀਅਨ ਕਿਰਤੋਵਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋਂ 6750 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |