18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫਰਵਰੀ ਨੂੰ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ- ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਸੇਵਕ ਸਿੰਘ ਸੇਖ਼

Ad Position 21
No active advertisement
ਅਜੀਤ ਡੈਸਕ 26-02-2026
ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਮਾਝੇ ਦੇ ਜਰਨੈਲ ਮੰਨੇ ਜਾਣ ਵਾਲੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ ਸਮੂਹ ਬ੍ਰਹਮਪੁਰਾ ਪਰਿਵਾਰ ਵਲੋਂ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ, ਹਲਕਾ ਖਡੂਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਜਾਵੇਗੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਸਪੁੱਤਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਦੱਸਿਆ ਕਿ ਇਸ ਮੌਕੇ 'ਤੇ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ | ਬ੍ਰਹਮਪੁਰਾ ਤੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਸ਼ੇਖ਼ ਨੇ ਕਿਹਾ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਇਕ ਬੇਦਾਗ, ਨਿਰਭੀਕ ਅਤੇ ਅਡੋਲ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣੀ ਪੂਰੀ ਜਿੰਦਗੀ ਪੰਜਾਬ, ਪੰਥ ਅਤੇ ਲੋਕਾਂ ਦੀ ਸੇਵਾ ਲਈ ਸਮਰਪਿਤ ਕੀਤੀ | ਉਹ ਮਾਝੇ ਦੀ ਸਿਆਸਤ ਵਿਚ ਇਕ ਮਜ਼ਬੂਤ ਸਤੰਭ ਸਨ ਅਤੇ ਹਮੇਸ਼ਾਂ ਸਿਧਾਂਤਕ ਰਾਜਨੀਤੀ ਦੇ ਹਾਮੀ ਰਹੇ | ਜਥੇਦਾਰ ਬ੍ਰਹਮਪੁਰਾ ਕਈ ਵਾਰ ਵਿਧਾਇਕ ਰਹੇ ਅਤੇ ਖਡੂਰ ਸਾਹਿਬ ਹਲਕੇ ਦੀ ਨੁੰਮਾਇੰਦਗੀ ਕਰਦੇ ਹੋਏ ਇਲਾਕੇ ਦੇ ਵਿਕਾਸ ਲਈ ਅਹਿਮ ਯੋਗਦਾਨ ਪਾਇਆ | ਉਹ ਪੰਜਾਬ ਸਰਕਾਰ ਵਿਚ ਦੋ ਵਾਰ ਕੈਬਨਿਟ ਮੰਤਰੀ ਵਜੋਂ ਵੀ ਸੇਵਾ ਨਿਭਾ ਚੁੱਕੇ ਸਨ | ਇਸ ਤੋਂ ਇਲਾਵਾ ਉਹ ਲੋਕ ਸਭਾ ਦੇ ਮੈਂਬਰ ਵਜੋਂ ਵੀ ਦੇਸ਼ ਦੀ ਸੰਸਦ ਵਿਚ ਪੰਜਾਬ ਦੇ ਹੱਕਾਂ ਦੀ ਆਵਾਜ਼ ਬਣੇ | ਲੋਕਾਂ ਨਾਲ ਸਿੱਧੀ ਗੱਲਬਾਤ ਅਤੇ ਸਾਦਗੀਪੂਰਨ ਜੀਵਨ ਸ਼ੈਲੀ ਕਰਕੇ ਉਹ ਹਰ ਵਰਗ ਵਿਚ ਲੋਕਪਿ੍ਯ ਸਨ | ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਸਾਹਿਬ ਦੀ ਕਮੀ ਕਦੇ ਪੂਰੀ ਨਹੀਂ ਹੋ ਸਕਦੀ, ਪਰ ਉਨ੍ਹਾਂ ਦੇ ਦੱਸੇ ਰਸਤੇ 'ਤੇ ਚੱਲ ਕੇ ਹੀ ਅਸਲੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ | ਉਨ੍ਹਾਂ ਨੇ ਸਮੂਹ ਇਲਾਕਾ ਵਾਸੀਆਂ ਅਤੇ ਪਾਰਟੀ ਵਰਕਰਾਂ ਨੂੰ ਬਰਸੀ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ਼ ਤੋਂ ਇਲਾਵਾ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਬਿਰਧ ਅਤੇ ਅਨਾਥ ਆਸ਼ਰਮ ਜਵੰਦਾ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਕਿਸਾਨ ਫਸਲੀ ਵਿਭਿੰਨਤਾ ਅਪਣਾਉਣ- ਡਾ. ਭੰਗੂ
Ad Position 24