ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਮਾਝੇ ਦੀ ਸਿਆਸਤ ਵਿਚ ਅਹਿਮ ਪਛਾਣ ਬਣਾਉਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਿਸ਼ਠ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਬਰਸੀ 28 ਫ਼ਰਵਰੀ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਬ੍ਰਹਮਪੁਰਾ ਵਿਖੇ ਮਨਾਈ ਜਾਵੇਗੀ | ਇਹ ਸਮਾਗਮ ਸਮੂਹ ਬ੍ਰਹਮਪੁਰਾ ਪਰਿਵਾਰ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਧਾਰਮਿਕ ਅਤੇ ਰਾਜਨੀਤਿਕ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਣਗੀਆ | ਇਸ ਮੌਕੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ, ਗੁਰਸੇਵਕ ਸਿੰਘ ਸ਼ੇਖ਼, ਕੁਲਦੀਪ ਸਿੰਘ ਲਾਹੌਰੀਆ, ਸਤਨਾਮ ਸਿੰਘ ਚੋਹਲਾ ਸਾਹਿਬ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਨੇ ਹਮੇਸ਼ਾਂ ਲੋਕ ਹਿੱਤ ਦੀ ਰਾਜਨੀਤੀ ਕੀਤੀ ਅਤੇ ਕਿਸੇ ਵੀ ਹਾਲਤ ਵਿਚ ਆਪਣੇ ਅਸੂਲਾਂ ਨਾਲ ਸਮਝੌਤਾ ਨਹੀਂ ਕੀਤਾ | ਉਹ ਪੰਜਾਬ ਅਤੇ ਪੰਥ ਦੇ ਮੁੱਦਿਆਂ 'ਤੇ ਡਟ ਕੇ ਖੜ੍ਹੇ ਰਹਿੰਦੇ ਸਨ ਅਤੇ ਮਾਝੇ ਦੇ ਲੋਕਾਂ ਦੀ ਆਵਾਜ਼ ਵਜੋਂ ਜਾਣੇ ਜਾਂਦੇ ਸਨ | ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦੀ ਸਿਆਸੀ ਯਾਤਰਾ ਕਾਫ਼ੀ ਲੰਮੀ ਅਤੇ ਪ੍ਰਭਾਵਸ਼ਾਲੀ ਰਹੀ | ਉਹ ਕਈ ਵਾਰ ਵਿਧਾਨ ਸਭਾ ਤੱਕ ਪਹੁੰਚੇ ਅਤੇ ਦੋ ਵਾਰ ਕੈਬਨਿਟ ਮੰਤਰੀ ਵਜੋਂ ਅਹਿਮ ਜਿੰਮੇਵਾਰੀਆਂ ਨਿਭਾਈਆਂ ਅਤੇ ਲੋਕ ਸਭਾ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਈ | ਖਡੂਰ ਸਾਹਿਬ ਹਲਕੇ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕਾਂ ਅਤੇ ਲੋਕ ਭਲਾਈ ਦੇ ਕਈ ਪ੍ਰਾਜੈਕਟ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਨਤੀਜਾ ਮੰਨੇ ਜਾਂਦੇ ਹਨ | ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਜੀਵਨ ਸੰਘਰਸ਼, ਸਾਦਗੀ ਅਤੇ ਇਮਾਨਦਾਰੀ ਦੀ ਮਿਸਾਲ ਹੈ | ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਜਥੇਦਾਰ ਬ੍ਰਹਮਪੁਰਾ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਨ |