ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਐਨ.ਐਮ.ਈ.ਓ. (ਤੇਲਬੀਜ) ਸਕੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਲਗਾਈ ਗਈ | ਇਸ ਟ੍ਰੇਨਿੰਗ ਵਿਚ ਬਲਾਕ ਖੇਤੀਬਾੜੀ ਅਫ਼ਸਰ ਭੁਪਿੰਦਰ ਸਿੰਘ, ਮਾਲਵਿੰਦਰ ਸਿੰਘ, ਅਮਰਦੀਪ ਸਿੰਘ ਤੋਂ ਇਲਾਵਾ ਵਿਕਰਮ ਸੂਦ ਪ੍ਰਾਜੈਕਟ ਡਾਇਰੈਕਟਰ (ਆਤਮਾ) ਨੇ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੂੰ ਤੇਲਬੀਜ ਫ਼ਸਲਾਂ ਦੀਆਂ ਕਿਸਮਾਂ ਅਤੇ ਉਨ੍ਹਾਂ ਦੇ ਫਾਇਦਿਆਂ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤੇਲਬੀਜ ਫ਼ਸਲਾਂ ਅਧੀਨ ਵੱਧ ਤੋਂ ਵੱਧ ਰਕਬਾ ਵਧਾਇਆ ਜਾਵੇ, ਤਾਂ ਜੋ ਰਿਵਾਇਤੀ ਫ਼ਸਲੀ ਚੱਕਰ ਤੋਂ ਬਾਹਰ ਆ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਣ | ਇਸ ਕੈਂਪ ਵਿਚ ਨਵਜੋਤ ਸਿੰਘ ਬਰਾੜ ਕੇ.ਵੀ.ਕੇ. ਬੂਹ ਤਰਨ ਤਾਰਨ ਨੇ ਵੀ ਕਿਸਾਨਾਂ ਨਾਲ ਤੇਲਬੀਜ ਫ਼ਸਲਾਂ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਖੇਤੀਬਾੜੀ ਵਿਕਾਸ ਅਫਸਰ ਬਲਾਕ ਪੱਟੀ ਹਰਮਨਦੀਪ ਕੌਰ ਵਲੋਂ ਕਿਸਾਨਾਂ ਨੂੰ ਮਿੱਟੀ ਪਰਖ ਸੰਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਵੱਧ ਰਹੀ ਗਰਮੀ ਦੇ ਪ੍ਰਭਾਵ ਤੋਂ ਬਚਾਉਣ ਲਈ ਐਨ.ਪੀ.ਕੇ 13:0:45 ਅਤੇ ਟਿਲਟ ਦੀਆਂ ਕਿੱਟਾਂ ਵੰਡੀਆਂ ਗਈਆਂ | ਟ੍ਰੇਨਿੰਗ ਵਿਚ ਖੇਤੀਬਾੜੀ ਵਿਕਾਸ ਅਫ਼ਸਰ, ਖੇਤੀਬਾੜੀ ਵਿਸਥਾਰ ਅਫ਼ਸਰ ਅਤੇ ਬਲਾਕ ਟੈਕਨਾਲੋਜੀ ਮੈਨੇਜਰ (ਆਤਮਾ) ਵੀ ਹਾਜਰ ਸਨ | ਕੈਂਪ ਵਿਚ ਹਾਜ਼ਰ ਕਿਸਾਨਾਂ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਚਾਹ ਆਦਿ ਦਾ ਪ੍ਰਬੰਧ ਵੀ ਕੀਤਾ ਗਿਆ |