ਤਰਨ ਤਾਰਨ, 25 ਫਰਵਰੀ (ਇਕਬਾਲ ਸਿੰਘ ਸੋਢੀ)- ਸਕੂਲ ਸਿੱਖਿਆ ਵਿਭਾਗ ਦੀ ਰੀੜ੍ਹ ਦੀ ਹੱਡੀ ਸਮਝੇ ਜਾਂਦੇ ਪਿਛਲੇ ਕਰੀਬ 20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆਂ ਦੀਆਂ ਤਨਖਾਹਾਂ 'ਤੇ 31 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੱਟ ਲਾਉਣ, ਪ੍ਰੋਬੇਸ਼ਨ ਪੀਰੀਅਡ 3 ਸਾਲ ਕਰਨ ਸਮੇਤ ਹੋਰ ਵਿਭਾਗ ਦੀਆਂ ਧੱਕੇਸ਼ਾਹੀਆਂ ਕਾਰਨ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆਂ ਦੇ ਇਸ ਸਖ਼ਤ ਸੰਘਰਸ਼ ਦੀ ਬੀ.ਐੱਡ ਅਧਿਆਪਕ ਫਰੰਟ ਪੂਰਨ ਤੌਰ 'ਤੇ ਹਮਾਇਤ ਕਰਦਾ ਹੈ | ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਕਰਦੇ ਹੋਏ ਬੀ. ਐੱਡ ਅਧਿਆਪਕ ਫਰੰਟ ਜ਼ਿਲ੍ਹਾ ਤਰਨ ਤਾਰਨ ਇਕਾਈ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਗੋਹਲਵੜ, ਜਨਰਲ ਸਕੱਤਰ ਦਵਿੰਦਰ ਸਿੰਘ ਖਹਿਰਾ, ਦਿਨੇਸ਼ ਕੁਮਾਰ ਸ਼ਰਮਾ ਆਗੂਆਂ ਨੇ ਦੱਸਿਆ ਕਿ ਤਨਖਾਹ ਕਟੌਤੀ ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ ਵਲੋਂ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵਲੋਂ ਕਰਮਚਾਰੀਆਂ ਦੀ ਤਨਖਾਹ ਕਟੌਤੀ ਨਾ ਕਰਨ ਅਤੇ 1 ਅਪ੍ਰੈਲ 2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਫਾਈਲ 2 ਦਿਨ ਵਿਚ ਵਿੱਤ ਵਿਭਾਗ ਨੂੰ ਭੇਜਣ ਦਾ ਵਾਅਦਾ ਕੀਤਾ ਸੀ ਪਰ ਹੁਣ ਫਿਰ ਅਪਣੇ ਪੁਰਾਣੇ ਤਰੀਕੇ 'ਤੇ ਚੱਲਦੇ ਹੋਏ ਵਿਭਾਗ ਆਪਣੇ ਵਾਅਦੇ ਤੋਂ ਪਲਟ ਰਿਹਾ ਹੈ ਅਤੇ ਕਰਮਚਾਰੀਆਂ ਦੀ ਫਾਈਲ 6 ਦਿਨ ਬੀਤਣ 'ਤੇ ਵੀ ਸਿੱਖਿਆ ਵਿਭਾਗ ਵਲੋਂ ਕਲੀਅਰ ਨਹੀਂ ਕੀਤੀ ਜਾ ਰਹੀ ਹੈ | ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫਤਰੀ ਕਰਮਚਾਰੀ ਬੀਤੇ ਦਿਨੀਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਵੀ ਸਿੱਖਿਆ ਵਿਭਾਗ ਦੇ ਅਧਿਕਾਰੀ ਮੁਨਕਰ ਹੋ ਰਹੇ ਹਨ, ਜੋ ਬਹੁਤ ਹੀ ਨਿੰਦਣਯੋਗ ਹੈ | ਬੀ.ਐੱਡ ਅਧਿਆਪਕ ਫਰੰਟ ਸਰਕਾਰ ਦੀ ਧੱਕੇਸ਼ਾਹੀ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦਾ ਹੈ ਅਤੇ ਆਪਣੇ ਇਨ੍ਹਾਂ ਸਾਥੀਆਂ ਨੂੰ ਵਿਸ਼ਵਾਸ ਦਿਵਾਉਂਦਾ ਹੈ ਕਿ ਫਰੰਟ ਉਨ੍ਹਾਂ ਦੇ ਇਸ ਸੰਘਰਸ਼ ਵਿਚ ਹਰ ਮੁਹਾਜ਼ ਉੱਤੇ ਨਾਲ ਖੜ੍ਹਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ ਛੀਨਾ, ਅਮਰਾਜ ਸਿੰਘ, ਰਵਿੰਦਰ ਸਿੰਘ ਪੱਟੀ, ਜਗਦੇਵ ਸਿੰਘ, ਗਗਨਦੀਪ ਸਿੰਘ, ਗੁਰਸ਼ਰਨ ਸਿੰਘ, ਗੁਰਸਾਹਿਬ ਸਿੰਘ, ਬਲਰਾਜ ਸਿੰਘ ਸੰਧੂ, ਮਨਦੀਪ ਸਿੰਘ, ਪਲਵਿੰਦਰ ਸਿੰਘ, ਜਗਜੀਤ ਸਿੰਘ, ਯਾਦਵਿੰਦਰ ਸਿੰਘ, ਬਲਵਿੰਦਰ ਸਿੰਘ, ਅਮਨਦੀਪ ਸਿੰਘ ਆਦਿ ਮੌਜੂਦ ਸਨ |