ਤਰਨ ਤਾਰਨ, 25 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਡਾ. ਕਰਨਵੀਰ ਸਿੰਘ ਨੇ ਐੱਸ.ਡੀ.ਐੱਮ. ਤਰਨ ਤਾਰਨ ਦਾ ਆਹੁਦਾ ਸੰਭਾਲ ਲਿਆ ਹੈ, ਉਥੇ ਉਹ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਵੀ ਸੁਣਨਗੇ | ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦਿਆਂ ਐੱਸ.ਡੀ.ਐੱਮ. ਡਾ. ਕਰਨਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਉਨ੍ਹਾਂ ਵਲੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਬੜੇ ਭਾਗਸ਼ਾਲੀ ਹਨ, ਜਿਨ੍ਹਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਜੋ ਜਿੰਮੇਵਾਰੀ ਸਰਕਾਰ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਜਿਹੜੀਆਂ ਸਕੀਮਾਂ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਗਈਆਂ ਹਨ, ਉਨ੍ਹਾਂ ਦਾ ਪੂਰਾ ਪੂਰਾ ਲਾਭ ਲਾਭਪਤਾਰੀਆਂ ਨੂੰ ਪਹੁੰਚੇ | ਉਨ੍ਹਾਂ ਕਿਹਾ ਕਿ ਭਿ੍ਸ਼ਟਾਚਾਰ ਨੂੰ ਕਿਸੇ ਕੀਮਤ 'ਤੇ ਬਖਸ਼ਿਆਂ ਨਹੀ ਜਾਵੇਗਾ ਅਤੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆ ਆਖਿਆ ਗਿਆ |