ਤਰਨ ਤਾਰਨ, 2 ਮਾਰਚ (ਇਕਬਾਲ ਸਿੰਘ ਸੋਢੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ ਕਮੇਟੀ ਨੇ ਅਮਰੀਕਾ-ਇਜ਼ਰਾਇਲ ਵਲੋਂ ਸਾਂਝੇ ਤੌਰ 'ਤੇ ਇਰਾਨ ਉੱਪਰ ਕੀਤੇ ਹਮਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ | ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਅਤੇ ਸੂਬਾਈ ਸਕੱਤਰ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਇਹ ਸਾਂਝਾ ਹਮਲਾ ਇਰਾਨ ਤੋਂ ਸੰਭਾਵਤ ਖਤਰੇ ਨੂੰ ਬਹਾਨਾ ਬਣਾ ਕੇ ਕੀਤਾ ਗਿਆ ਹੈ | ਅਮਰੀਕਾ ਵਲੋਂ ਇਸ ਹਮਲੇ 'ਚ ਇਰਾਨ ਦਾ ਸੁਪਰੀਮ ਲੀਡਰ, ਰੱਖਿਆ ਮੰਤਰੀ, ਰੈਵੋਲੂਸ਼ਨਰੀ ਗਾਰਡ, ਕਮਾਂਡਰ ਅਤੇ ਸੈਂਕੜੇ ਲੋਕ ਮਾਰੇ ਗਏ ਹਨ ਅਤੇ ਇਰਾਨ ਵਿਚ ਰਾਜ ਪਲਟਾ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ | ਅਮਰੀਕਾ ਇਹ ਸਾਰੀ ਗੁੰਡਾਗਰਦੀ ਇਰਾਨ ਦੇ ਤੇਲ ਭੰਡਾਰਾਂ ਅਤੇ ਰੂਟਾਂ ਉੱਪਰ ਕਬਜ਼ਾ ਕਰਨ ਲਈ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਜਵਾਬੀ ਹਮਲਿਆਂ ਵਿੱਚ ਇਰਾਨ ਨੇ ਵੀ ਵੱਖਰੇ-ਵੱਖਰੇ ਅਰਬ ਦੇਸ਼ਾਂ ਵਿਚ ਅਮਰੀਕਾ ਦੇ ਫੌਜੀ ਅੱਡਿਆਂ ਉੱਪਰ ਹਮਲੇ ਕੀਤੇ ਹਨ | ਇਹਨਾਂ ਦੇਸ਼ਾਂ ਵਿਚ ਕੰਮ ਕਰਨ ਲਈ ਗਏ ਭਾਰਤੀਆਂ ਲਈ ਵੀ ਗੰਭੀਰ ਖਤਰਾ ਬਣ ਗਿਆ ਹੈ ਅਤੇ ਉਹ ਭਾਰਤ ਵਾਪਸੀ ਲਈ ਹਵਾਈ ਅੱਡਿਆਂ ਉੱਪਰ ਫਸੇ ਹੋਏ ਹਨ | ਪਾਰਟੀ ਨੇ ਭਾਰਤ ਸਰਕਾਰ ਤੋਂ ਅਰਬ ਦੇਸ਼ਾਂ ਵਿਚ ਫ਼ਸੇ ਭਾਰਤੀਆਂ ਨੂੰ ਸੁਰੱਖਿਅਤ ਵਾਪਸ ਬੁਲਾਉਣ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ |