ਤਰਨ ਤਾਰਨ, 9 ਮਾਰਚ (ਇਕਬਾਲ ਸਿੰਘ ਸੋਢੀ)ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ 1 ਮਾਰਚ ਤੋਂ 15 ਮਾਰਚ 2026 ਤੱਕ 'ਸਵੱਛਤਾ ਪਖਵਾੜਾ' ਮਨਾਇਆ ਜਾ ਰਿਹਾ ਹੈ | ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿਚ ਸਫ਼ਾਈ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਇਸ ਪਖਵਾੜੇ ਦੌਰਾਨ ਜ਼ਿਲ੍ਹੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਅਤੇ ਸੰਬੰਧਿਤ ਦਫ਼ਤਰਾਂ ਵਿਚ ਸਫ਼ਾਈ ਨਾਲ ਸੰਬੰਧਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ | ਆਂਗਣਵਾੜੀ ਵਰਕਰਾਂ ਵਲੋਂ ਕੇਂਦਰਾਂ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫ਼ਾਈ ਕਰਦੇ ਹੋਏ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਗਗਨਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਗੁਰਵੈਲ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਨ ਨੇ ਦੱਸਿਆ ਕਿ ਸਵੱਛਤਾ ਪਖਵਾੜਾ ਮਨਾਉਣ ਦਾ ਮੁੱਖ ਮਕਸਦ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਸਮਾਜ ਵਿਚ ਸਿਹਤਮੰਦ ਅਤੇ ਸਾਫ਼-ਸੁਥਰਾ ਮਾਹੌਲ ਬਣਾਇਆ ਜਾ ਸਕੇ |