ਅੰਮਿ੍ਤਸਰ, 10 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਲੋਕਾਂ ਨੂੰ ਵੱਡੇ-ਵੱਡੇ ਸੁਪਨੇ ਵਿਖਾ ਕੇ 92 ਸੀਟਾਂ ਨਾਲ ਬਦਲਾਅ ਦੇ ਨਾਂਅ 'ਤੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਨੇ ਮੁਲਾਜ਼ਮਾਂ ਨੂੰ ਵਿਸ਼ਵਾਸ ਦੁਆਇਆ ਸੀ ਕਿ ਸਰਕਾਰ ਬਣਨ ਸਾਰ ਹੀ ਸਾਰੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ, ਤਨਖ਼ਾਹ ਕਮਿਸ਼ਨ ਦੀ ਸਾਰੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ, ਰੁਕਿਆ ਡੀ. ਏ. ਬਹਾਲ ਕੀਤਾ ਜਾਵੇਗਾ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਅਤੇ ਹਰੇਕ ਘਰ ਵਿਚ ਨੌਕਰੀ ਦਿੱਤੀ ਜਾਵੇਗੀ ਪਰ ਅਫਸੋਸ ਲਗਭਗ ਸਵਾ ਚਾਰ ਸਾਲ ਬੀਤ ਜਾਣ ਤੇ ਵੀ ਪਿਛਲੀ ਕਾਂਗਰਸ ਸਰਕਾਰ ਵਾਂਗ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਕੋਈ ਗੌਰ ਨਹੀਂ ਕੀਤਾ ਗਿਆ | ਉਕਤ ਪ੍ਰਗਟਾਵਾ ਬਲਵੀਰ ਸਿੰਘ ਗਰਚਾ ਸਾਬਕਾ ਪ੍ਰਧਾਨ, ਨਾਨ-ਟੀਚਿੰਗ ਅਤੇ ਅਫਸਰ ਐਸੋਸੀਏਸ਼ਨ ਗੁਰੁੂ ਨਾਨਕ ਦੇਵ ਯੂਨੀਵਰਸਿਟੀ ਨੇ ਕਿਹਾ ਕਿ ਸਰਕਾਰ ਨੇ ਮੁਲਾਜ਼ਮਾਂ ਨੂੰ ਦੇਣਾ ਤਾਂ ਕੀ ਸੀ ਸਗੋਂ ਉਲਟਾ ਬਜਟ ਵਾਲੇ ਦਿਨ ਰੋਸ ਕਰ ਰਹੇ ਮੁਲਾਜ਼ਮਾਂ ਅਤੇ ਅਧਿਆਪਕਾਂ ਤੇ ਲਾਠੀਚਾਰਜ ਕਰਕੇ ਪਾਣੀ ਦੀਆਂ ਬੁਛਾੜਾਂ ਨਾਲ ਪੱਗਾਂ ਲਾਹ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਨੂੰ ਇਕੱਠੇ ਹੋ ਇਕ ਸਾਂਝੀ ਸੰਘਰਸ਼ ਕਮੇਟੀ ਦਾ ਗਠਨ ਕਰ ਕੇ ਸਾਂਝੇ ਸੰਘਰਸ਼ ਦੀ ਰੂਪ ਰੇਖਾ ਉਲੀਕਣਾ ਸਮੇਂ ਦੀ ਮੰਗ ਹੈ |